ਭਾਜਪਾ ਆਗੂ ਦਾਮਨ ਬਾਜਵਾ ਵੱਲੋਂ ਰਾਜਪਾਲ ਨਾਲ ਮੁਲਾਕਾਤ
ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 6 ਮਈ
ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਹਲਕਾ ਸੁਨਾਮ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਦਾਮਨ ਬਾਜਵਾ ਨੇ ਰਾਜਪਾਲ ਨੂੰ ਦੱਸਿਆ ਕਿ ਸ਼ਹੀਦ ਊਧਮ ਸਿੰਘ ਦੇ ਮੈਮੋਰੀਅਲ ਵਿੱਚ ਹੋਰ ਵਿਕਾਸ ਕਾਰਜਾਂ ਅਤੇ ਸ਼ਹੀਦ ਦੀ ਵਿਰਾਸਤ ਨੂੰ ਸੰਭਾਲਣ ਲਈ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਕੇਂਦਰੀ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਫੰਡ ਦੇਣ ਲਈ ਤਿਆਰ ਹਨ। ਇਸ ਬਾਰੇ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਚਿੱਠੀ ਲਿਖ ਕੇ ਵੱਖ ਵੱਖ ਸਕੀਮਾਂ ਤਹਿਤ ਸਰਕਾਰ ਤੋਂ ਪਰਪੋਜ਼ਲ ਮੰਗੇ ਹਨ ਜੋ ਕਿ ਸੂਬਾ ਸਰਕਾਰ ਨੇ ਹਜੇ ਤੱਕ ਨਹੀਂ ਭੇਜੇ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਅਪੀਲੀ ਕੀਤੀ ਕਿ ਉਹ ਜਲਦ ਤੋਂ ਜਲਦ ਸੂਬਾ ਸਰਕਾਰ ਨੂੰ ਕਹਿ ਕੇ ਪਰਪੋਜ਼ਲ ਦੇਣ ਲਈ ਕਹਿਣ ਤਾਂ ਜੋ ਕੇਂਦਰ ਸਰਕਾਰ ਸੁਨਾਮ ਊਧਮ ਸਿੰਘ ਵਾਲਾ ਨੂੰ ਵੱਧ ਤੋਂ ਵੱਧ ਇਸ ਪ੍ਰਾਜੈਕਟ ਲਈ ਫੰਡ ਜਾਰੀ ਕਰ ਸਕੇ ਅਤੇ ਸ਼ਹੀਦ ਊਧਮ ਸਿੰਘ ਨੂੰ ਬਣਦਾ ਮਾਣ ਸਨਮਾਨ ਮਿਲ ਸਕੇ।