ਭਾਜਪਾ ਦਿੱਲੀ ’ਤੇ ਸਾਸ਼ਨ ਕਰਨ ਦੇ ਅਸਮਰੱਥ: ਆਤਿਸ਼ੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਾਰਚ
ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ’ਤੇ ਸੱਤਾ ਵਿੱਚ ਆਉਣ ਤੋਂ ਬਾਅਦ ਕੌਮੀ ਰਾਜਧਾਨੀ ਵਿੱਚ ਬਿਜਲੀ ਕੱਟ ਵਧਾਉਣ ਦਾ ਦੋਸ਼ ਲਗਾਇਆ ਹੈ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ’ਤੇ ਚੁਟਕੀ ਲੈਂਦਿਆਂ ਦਾਅਵਾ ਕੀਤਾ ਕਿ ਭਾਜਪਾ ਦਿੱਲੀ ’ਤੇ ਸ਼ਾਸਨ ਕਰਨ ਦੇ ‘ਅਸਮਰੱਥ’ ਹੈ, ਜਿਸ ਕਾਰਨ ਸ਼ਹਿਰ ਦਾ 24 ਘੰਟੇ ਬਿਜਲੀ ਸਪਲਾਈ ਦਾ ਮਾਡਲ ਫੇਲ੍ਹ ਹੋ ਗਿਆ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਤੋਂ ਦਿੱਲੀ ਵਿੱਚ ਭਾਜਪਾ ਸਰਕਾਰ ਨੇ ਸੱਤਾ ਸੰਭਾਲੀ ਹੈ, ਬਿਜਲੀ ਕੱਟਾਂ ਵਿੱਚ ਵਾਧਾ ਹੋਇਆ ਹੈ। ਹਰ ਰੋਜ਼ ਲੋਕ ਸੋਸ਼ਲ ਮੀਡੀਆ ’ਤੇ ਇਸ ਬਾਰੇ ਪੋਸਟ ਕਰਦੇ ਹਨ। ਦਿੱਲੀ ਸਰਕਾਰ ਦੇ ਅੰਕੜੇ ਪਹਿਲੀ ਮਾਰਚ ਤੋਂ ਵੱਖ-ਵੱਖ ਖੇਤਰਾਂ ਵਿੱਚ ਬਿਜਲੀ ਬੰਦ ਹੋਣ ਵਿੱਚ ਵਾਧਾ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਇਨਵਰਟਰਾਂ ਅਤੇ ਜੈਨਰੇਟਰਾਂ ਦੀ ਵਰਤੋਂ ਲਗਪਗ ਖਤਮ ਹੋ ਗਈ ਸੀ ਪਰ ਹੁਣ ਲੋਕਾਂ ਨੂੰ ਮੁੜ ਬਿਜਲੀ ਦੇ ਵਿਘਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਟਿੱਪਣੀ ਉਸ ਸਮੇਂ ਆਈ ਜਦੋਂ ਪਿੰਡ ਜਗਤਪੁਰ, ਬੁਰਾੜੀ ਵਾਸੀਆਂ ਨੇ ਲੰਬੇ ਸਮੇਂ ਤੋਂ ਬਿਜਲੀ ਕੱਟਾਂ ਨੂੰ ਲੈ ਕੇ ਦਿੱਲੀ ਦੇ ਬਿਜਲੀ ਵਿਭਾਗ ਵਿਰੁੱਧ ਲੋਕਾਂ ਨੇ ਪ੍ਰਦਰਸ਼ਨ ਕੀਤਾ। ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਬਿਜਲੀ ਦੀ ਸਥਿਤੀ ਵਿਗੜਨ ਲਈ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਆਲੋਚਨਾ ਕੀਤੀ ਸੀ।
ਆਤਿਸ਼ੀ ਨੇ ਮਹਿਲਾ ਸਮਰਿਧੀ ਯੋਜਨਾ 2025 ਨੂੰ ਲੈ ਕੇ ਵੀ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਪਾਰਟੀ ਔਰਤਾਂ ਦੇ ਖਾਤਿਆਂ ਵਿੱਚ 2500 ਰੁਪਏ ਪਾਉਣ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ‘ਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ‘ਆਪ’ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ‘ਚ ਇਸ ਬਾਰੇ ਸਰਕਾਰ ਤੋਂ ਸਵਾਲ ਕੀਤੇ ਤਾਂ ਉਨ੍ਹਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ ਗਿਆ। ਆਤਿਸ਼ੀ ਨੇ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਮਾਰਚ ਤੱਕ ਦਿੱਲੀ ਦੀਆਂ ਔਰਤਾਂ ਨੂੰ 2,500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਨ੍ਹਾਂ ਦਾ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਸੀ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ।