ਭਾਜਪਾ ਦੇ ਰਾਜ ਵਿੱਚ ਕੋਈ ਵੀ ਸੁਰੱਖਿਅਤ ਨਹੀਂ: ਅਰੋੜਾ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਜੂਨ
ਥਾਨੇਸਰ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਅਰੋੜਾ ਨੇ ਸ਼ਾਹਬਾਦ ਵਿੱਚ ਬੀਤੀ ਰਾਤ ਗ਼ੈਰਸਮਾਜੀ ਅਨਸਰਾਂ ਵਲੋਂ ਸ਼ਰਾਬ ਠੇਕੇਦਾਰ ਦੇ ਕਤਲ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਗਈ ਹੈ। ਸੂਬੇ ਵਿਚ ਲੁੱਟ ਖਸ਼ੁੱਟ, ਡਕੈਤੀ ਇਕ ਆਮ ਜਿਹੀ ਗੱਲ ਹੋ ਗਈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਕਾਰੋਬਾਰੀਆਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਆਈਲੈਟਸ ਸੈਂਟਰਾਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਫਿਰੌਤੀ ਨਾ ਦੇਣ ’ਤੇ ਕਤਲ ਕਰ ਦਿੱਤਾ ਜਾਂਦਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਤਿਉਹਾਰ ਮਨਾਉਣ ਦੀ ਬਜਾਏ ਸਰਕਾਰ ਨੂੰ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ। ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਕਰਕੇ ਕੋਈ ਵੀ ਵਪਾਰੀ ਹਰਿਆਣਾ ਵਿਚ ਨਿਵੇਸ਼ ਕਰਨ ਲਈ ਨਹੀਂ ਆ ਰਿਹਾ। ਵੱਧ ਰਹੀ ਬੇਰੁਜਗਾਰੀ ਵੰਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਇਹ ਹੈ ਕਿ ਯਮੁਨਾਨਗਰ ਵਿਚ ਸ਼ਰਾਬ ਦੇ 90 ਫ਼ੀਸਦ ਠੇਕਿਆਂ ਦੀ ਨਿਲਾਮੀ ਕਰਨ ਲਈ ਕੋਈ ਅੱਗੇ ਨਹੀਂ ਆਇਆ।