ਭਾਜਪਾ ਨੇ ਕੇਜਰੀਵਾਲ ਵੱਲੋਂ ਚਲਾਈ ‘ਫ਼ਰਿਸ਼ਤੇ’ ਸਕੀਮ ਨੂੰ ਰੋਕਿਆ: ਸੌਰਭ ਭਾਰਦਵਾਜ
ਮਨਧੀਰ ਦਿਓਲ
ਨਵੀਂ ਦਿੱਲੀ, 30 ਮਾਰਚ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ 2017 ਵਿੱਚ ਸ਼ੁਰੂ ਕੀਤੀ ‘ਫ਼ਰਿਸ਼ਤੇ’ ਸਕੀਮ ਨੂੰ ਬੰਦ ਕਰ ਦਿੱਤਾ ਹੈ।
ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਫ਼ਰਿਸ਼ਤੇ’ ਯੋਜਨਾ ਇੱਕ ਅਜਿਹੀ ਸਕੀਮ ਹੈ ਜਿਸ ਤਹਿਤ ਸੜਕ ਹਾਦਸੇ ਦਾ ਸ਼ਿਕਾਰ ਵਿਅਕਤੀ ਨੂੰ ਫੌਰੀ ਇਲਾਜ ਲਈ ਨੇੜੇ ਦੇ ਸਾਰੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ। ਇਸ ਦਾ ਖਰਚਾ ਦਿੱਲੀ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਸੌਰਭ ਭਾਰਦਵਾਜ ਨੇ ਦੱਸਿਆ ਕਿ 2021 ’ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ‘ਫ਼ਰਿਸ਼ਤੇ’ ਸਕੀਮ ਨਾਲ ਜੁੜੀ ਜਾਣਕਾਰੀ ਜਨਤਕ ਕੀਤੀ ਸੀ। ਇਸ ਤਹਿਤ 2017 ਤੋਂ 2021 ਤੱਕ ਕਰੀਬ 10,000 ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਦੌਰਾਨ ‘ਫਰਿਸ਼ਤੇ’ ਸਕੀਮ ਰਾਹੀਂ ਸੜਕ ਹਾਦਸਿਆਂ ਤੋਂ ਪੀੜਤ ਕਰੀਬ 10,000 ਲੋਕਾਂ ਦੀ ਜਾਨ ਬਚਾਈ ਜਾ ਸਕੀ। ਉਨ੍ਹਾਂ ਕਿਹਾ ਕਿ ਇਹ ਕਲਪਨਾ ਤੋਂ ਬਾਹਰ ਹੈ ਕਿ ਸਰਕਾਰ ਅਜਿਹੀ ਚੰਗੀ ਸਕੀਮ ਨੂੰ ਕਿਵੇਂ ਰੋਕ ਸਕਦੀ ਹੈ ਜਿਸ ਨਾਲ ਲੋਕਾਂ ਦੀ ਜਾਨ ਬਚ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਦਿੱਲੀ ਵਿੱਚ ‘ਆਪ’ ਸਰਕਾਰ ਸੀ ਤਾਂ ਸਾਲ 2023 ਵਿੱਚ ਦਿੱਲੀ ਦੇ ਸਿਹਤ ਮੰਤਰੀ ਹੁੰਦਿਆਂ ਉਨ੍ਹਾਂ ਨੇ ਉਪ ਰਾਜਪਾਲ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ, ‘‘ਮੈਂ ਸ਼ਿਕਾਇਤ ਕੀਤੀ ਸੀ ਕਿ ਉਪ ਰਾਜਪਾਲ ਦੇ ਅਧੀਨ ਅਧਿਕਾਰੀ ਸਾਜ਼ਿਸ਼ ਤਹਿਤ ਦਿੱਲੀ ਸਰਕਾਰ ਦੀ ‘ਫਰਿਸ਼ਤੇ’ ਸਕੀਮ ਨੂੰ ਬੰਦ ਕਰਨਾ ਚਾਹੁੰਦੇ ਹਨ। ਮੈਂ ਉਨ੍ਹਾਂ ਨੂੰ ਦੱਸਿਆ ਕਿ ਦਿੱਲੀ ਸਰਕਾਰ ਦੀ ‘ਫ਼ਰਿਸ਼ਤੇ’ ਸਕੀਮ ਲਈ ਦਿੱਤੇ ਗਏ ਫੰਡ ਅਧਿਕਾਰੀਆਂ ਨੇ ਜਾਰੀ ਨਹੀਂ ਕੀਤੇ ਹਨ।’’ ਉਨ੍ਹਾਂ ਕਿਹਾ ਕਿ ਇਸ ’ਤੇ ਉਪ ਰਾਜਪਾਲ ਨੇ ਉਨ੍ਹਾਂ ਦੀ ਸ਼ਿਕਾਇਤ ਨੂੰ ਝੂਠਾ ਕਰਾਰ ਦੇ ਦਿੱਤਾ। ਭਾਰਦਵਾਜ ਨੇ ਕਿਹਾ ਕਿ ਇਸ ’ਤੇ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।