ਭਾਜਪਾ ਨੌਂ ਸਾਲਾਂ ਦਾ ਕੰਮ ਮਹੀਨਿਆਂ ’ਚ ਕਰ ਕੇ ਦਿਖਾਏਗੀ: ਅਸ਼ਵਨੀ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਮਈ
ਚੋਣ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਇੱਥੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਮੁਕਤ ਹੋ ਕੇ ਲੜ ਰਹੀ ਹੈ ਅਤੇ ਇਹ ਚੋਣ ਕਈ ਪੱਖਾਂ ਤੋਂ ਖ਼ਾਸ ਵੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਨੇ ਸੰਸਦ ਵਿੱਚ ਨੌਂ ਸਾਲਾਂ ‘ਚ ਨੌਂ ਵਾਰ ਵੀ ਜਲੰਧਰ ਦੀ ਆਵਾਜ਼ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਜਿਹੜੇ ਕੰਮ ਕਾਂਗਰਸ ਦੇ ਸੰਸਦ ਮੈਂਬਰ ਨੌਂ ਸਾਲਾਂ ‘ਚ ਨਹੀਂ ਕਰ ਸਕੇ, ਭਾਜਪਾ ਸੰਸਦ ਮੈਂਬਰ ਉਹ ਨੌਂ ਮਹੀਨਿਆਂ ‘ਚ ਕਰਨਗੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੌਂ ਮਹੀਨਿਆਂ ‘ਚ ਵਿਕਾਸ ਦਾ ਟ੍ਰੇਲਰ ਦਿਖਾ ਦੇਵੇਗੀ, ਜਦਕਿ ਪੂਰੀ ਤਸਵੀਰ ਦੇਖਣ ਲਈ ਲੋਕ ਆਪਣੇ ਆਪ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਚੁਣਨਗੇ। ਉਨ੍ਹਾਂ ਦੱਸਿਆ ਕਿ ਜਲੰਧਰ ਦੀ ਜ਼ਿਮਨੀ ਚੋਣ ਜਿੱਤਣ ਲਈ 6500 ਵਰਕਰਾਂ ਨੇ ਦਿਨ ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਨੇ ਪਿੰਡਾਂ ਤੇ ਸ਼ਹਿਰਾਂ ਦੇ ਢਾਈ ਲੱਖ ਪਰਿਵਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਦੇਸ਼ ਹਰੇਕ ਵੋਟਰ ਤੱਕ ਪਹੁੰਚਾਇਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਯੂਨਾਈਟਿਡ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪੰਜਾਬ ਵਿੱਚ ਇੱਕ ਨਵੇਂ ਦੌਰ ਅਤੇ ਨਵੀਂ ਸਵੇਰ ਦੀ ਸ਼ੁਰੂਆਤ ਸਾਬਤ ਹੋਵੇਗੀ।
‘ਆਪ’ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ: ਰੂਪਾਨੀ
ਭੋਗਪੁਰ (ਪੱਤਰ ਪ੍ਰੇਰਕ): ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਪਿੰਡ ਬਹਿਰਾਮ ਸ਼ਰਿਸਤਾ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਰੂਪਾਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਹੈ। ‘ਆਪ’ ਨੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀਆਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ‘ਚੋਂ ਇੱਕ ਵੀ ਪੂਰਾ ਨਹੀਂ ਕੀਤਾ ਜਿਸ ਕਰ ਕੇ ਪੰਜਾਬ ਦਾ ਹਰ ਵਰਗ ‘ਆਪ’ ਤੋਂ ਤੰਗ ਆ ਚੁੱਕਾ ਹੈ ਅਤੇ ਭਗਵੰਤ ਮਾਨ ਨੂੰ ਸਬਕ ਸਿਖਾਉਣ ਦਾ ਮਨ ਬਣਾਈ ਬੈਠਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਖਤਮ ਤਾਂ ਕੀ ਕਰਨਾ ਸੀ ਸਗੋਂ ਉਸ ਦੇ ਆਪਣੇ ਆਗੂ ਹੀ ਇਸ ਵਿੱਚ ਰੰਗੇ ਗਏ ਹਨ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬੀਆਂ, ਖਾਸ ਕਰ ਕੇ ਸਿੱਖ ਭਾਈਚਾਰੇ ‘ਤੇ ਅੱਤਿਆਚਾਰ ਅਤੇ ਜ਼ੁਲਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਭਾਈਚਾਰਕ ਸਾਂਝ ਤੋੜ ਕੇ ਅਤੇ ਸਰਬਪੱਖੀ ਵਿਕਾਸ ਰੋਕ ਕੇ ਖੁਸ਼ਹਾਲ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਹੈ।