ਭਾਜਪਾ ਰੋਹਿੰਗਿਆ ਬੱਚਿਆਂ ਨੂੰ ਸਕੂਲਾਂ ’ਚ ਦਾਖ਼ਲ ਕਰਨ ਲੱਗੀ: ਝਾਅ
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਪਰੈਲ
ਆਮ ਆਦਮੀ ਪਾਰਟੀ ਨੇ ਰੋਹਿੰਗਿਆ ਬਾਰੇ ਭਾਜਪਾ ਦੀ ਦੋਗਲੀ ਨੀਤੀ ਦਾ ਪਰਦਾਫਾਸ਼ ਕੀਤਾ ਹੈ। ‘ਆਪ’ ਆਗੂ ਅਤੇ ਵਿਧਾਇਕ ਅਨਿਲ ਝਾਅ ਨੇ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨੇ ਦਿੱਲੀ ਦੇ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਕੇ ਕਰਾਵਲ ਨਗਰ ਦੇ ਸਰਕਾਰੀ ਸਕੂਲ ਵਿੱਚ 10 ਰੋਹਿੰਗਿਆ ਬੱਚਿਆਂ ਨੂੰ ਦਾਖ਼ਲਾ ਦਿੱਤਾ ਹੈ। ਇੱਕ ਪਾਸੇ ਭਾਜਪਾ ਰੋਹਿੰਗਿਆ ਨੂੰ ਲੈ ਕੇ ਹੰਗਾਮਾ ਕਰਦੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਦਾ ਸਮਰਥਨ ਕਰਦੀ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਰੋਹਿੰਗਿਆ ਨੂੰ ਈਡਬਲਿਊਐੱਸ ਫਲੈਟਾਂ ਵਿੱਚ ਵਸਾਉਣ ਦੀ ਗੱਲ ਕੀਤੀ ਹੈ। ਭਾਜਪਾ ਨੂੰ ਭਾਰਤ ਦੇ ਗ਼ਰੀਬਾਂ, ਦਲਿਤਾਂ ਅਤੇ ਘੱਟ ਗਿਣਤੀਆਂ ਦੀ ਬਜਾਏ ਰੋਹਿੰਗਿਆ ਦੀ ਚਿੰਤਾ ਹੈ। ਇਸ ਲਈ ਰੋਹਿੰਗਿਆ ਬੱਚਿਆਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਿੱਤਾ ਗਿਆ। ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰਦੀ ਹੈ ਅਤੇ ਜਾਂਚ ਦੀ ਮੰਗ ਕਰਦੀ ਹੈ। ਪਾਰਟੀ ਹੈੱਡਕੁਆਰਟਰ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਨਿਲ ਝਾਅ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਅਤੇ ਦੇਸ਼ ਨੂੰ ਅਸਥਿਰ ਕਰਨ ਲਈ ਆਪਣੀਆਂ ਨੀਤੀਆਂ ਨਾਲ ਦੋਹਰੇ ਮਾਪਦੰਡ ਅਪਣਾ ਰਹੀ ਹੈ। ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਦਿੱਲੀ ਦੇ ਕਰਾਵਲ ਨਗਰ ਇਲਾਕੇ ਦੇ ਸਕੂਲਾਂ ਵਿੱਚ ਕਰੀਬ 10 ਰੋਹਿੰਗਿਆ ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਹੈ। ਭਾਜਪਾ ਆਗੂ ਵਾਰ-ਵਾਰ ਉਨ੍ਹਾਂ ਨੂੰ ਬੰਗਲਾਦੇਸ਼ੀ ਘੁਸਪੈਠੀਏ ਕਹਿੰਦੇ ਹਨ। ਇਸ ਤੋਂ ਬਾਅਦ ਵੀ ਰੋਹਿੰਗਿਆ ਵਿਦਿਆਰਥੀਆਂ ਨੂੰ ਦਿੱਲੀ ਵਿੱਚ ਦਾਖ਼ਲਾ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਇਹ ਦਾਅਵਾ ਗਲਤ ਹੈ ਤਾਂ ਕਰਾਵਲ ਨਗਰ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਨੂੰ ਉਸ ਦੇ ਇਸ ਦਾਅਵੇ ਨੂੰ ਗਲਤ ਸਾਬਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਦਾਖ਼ਲਾ ਕਿਸ ਨਿਯਮਾਂ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਭਾਜਪਾ ਦੀ ਦਿੱਲੀ ਸਰਕਾਰ ਨੂੰ ਘੱਟ ਗਿਣਤੀਆਂ, ਦਲਿਤਾਂ ਅਤੇ ਝੁੱਗੀਆਂ ਵਿੱਚ ਰਹਿਣ ਵਾਲੇ ਬੱਚਿਆਂ ਦੀ ਸਿੱਖਿਆ ਦੀ ਚਿੰਤਾ ਹੋਣੀ ਚਾਹੀਦੀ ਹੈ ਪਰ ਇਹ ਲੋਕ ਘੁਸਪੈਠ ਕਰਨ ਵਾਲੇ ਰੋਹਿੰਗਿਆ ਦਾ ਸਵਾਗਤ ਕਰ ਰਹੇ ਹਨ।