ਭਾਜਪਾ ਵਰਕਰਾਂ ਨੇ ਭਗਵੰਤ ਮਾਨ ਦਾ ਪੁਤਲਾ ਫੂਕਿਆ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 2 ਮਈ
ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਵਲੋਂ ਝੂਠ ਪਰੋਸੇ ਜਾਣ ਤੋਂ ਬਾਅਦ ਭਾਜਪਾ ਨੇ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਅੱਜ ਇੱਥੇ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਵੀ ਮੌਜੂਦ ਸਨ। ਆਪਣੇ ਸੰਬੋਧਨ ਖੰਨਾ ਨੇ ਕਿਹਾ ਕਿ ਬੀਬੀਐਮਬੀ ਵਲੋਂ ਹਾਲ ਹੀ ਵਿਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦੇ ਫ਼ੈਸਲੇ ਨਾਲ ਪੰਜਾਬ ਦੇ ਹਿੱਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਿਹਾ ਹੈ। ਇਸ ਲਈ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਡੈਮਾਂ ’ਚ ਪਾਣੀ ਦਾ ਪੱਧਰ ਪਹਿਲਾਂ ਹੀ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਕੀਮਤ ’ਤੇ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਵਲ ਬਿਆਨਬਾਜ਼ੀ ਤੱਕ ਹੀ ਸੀਮਤ ਹਨ ਜਦੋਂਕਿ ਪੰਜਾਬ ਅਸਲੀ ਲੜਾਈ ਵਿਚ ਪਿੱਛੇ ਰਹਿ ਗਿਆ ਹੈ। ਇਸ ਕਰਕੇ ਆਉਣ ਵਾਲੇ ਦਿਨਾਂ ’ਚ ਰਾਜ ਦੇ ਕਿਸਾਨਾਂ ਨੂੰ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਿਪੁੰਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਦਿਖਾਵਾ ਕਰ ਰਹੀ ਹੈ ਅਤੇ ਭਾਜਪਾ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਲੋਕਾਂਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਥਿਤੀ ਪੈਦਾ ਹੋਈ ਹੈ, ਉਸ ਲਈ ਮਾਨ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਸੁਰੇਸ਼ ਭਾਟੀਆ, ਭਾਰਤ ਭੂਸ਼ਣ ਵਰਮਾ, ਅਸ਼ਵਨੀ ਗੈਂਦ, ਤਰਸੇਮ ਮੌਦਗਿੱਲ, ਐਡਵੋਕੇਟ ਮੁਨੀਸ਼ ਰੱਲ੍ਹਣ, ਸ਼ਾਖਾ ਬੱਗਾ, ਚਿੰਟੂ ਹੰਸ, ਅਕਸ਼ੇ ਵਸ਼ਿਸ਼ਟ, ਗੋਬਿੰਦ ਰਾਏ, ਗੁਲਸ਼ਨ ਕੁਮਾਰ ਆਦਿ ਮੌਜੂਦ ਸਨ।