ਭਾਜਪਾ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ
ਲੁਧਿਆਣਾ, 2 ਮਈ
ਭਾਰਤੀ ਜਨਤਾ ਪਾਰਟੀ ਦੀ ਸੈਂਕੜੇ ਵਰਕਰਾਂ ਨੇ ਅੱਜ ਫਿਰੋਜ਼ਪੁਰ ਰੋਡ ਸਥਿਤ ਭਾਰਤ ਨਗਰ ਚੌਕ ਵਿੱਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਕੇ ਸਰਕਾਰ ਦਾ ਪੁਤਲਾ ਫੂਕਿਆ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ। ਉਨ੍ਹਾਂ ਕਿਹਾ ਕਿ ਅੱਜ ਅਮਨ ਕਾਨੂੰਨ ਦੀ ਹਾਲਤ ਇਸ ਕਦਰ ਡਗਮਗਾ ਰਹੀ ਹੈ ਕਿ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਹਰ ਰੋਜ਼ ਦਿਨ-ਦਿਹਾੜੇ ਗੋਲੀਆਂ ਚੱਲ ਰਹੀਆਂ ਹਨ ਅਤੇ ਲੁੱਟਾਂ-ਖੋਹਾਂ ਹੋ ਰਹੀਆਂ ਹਨ ਜਿਸ ਕਾਰਨ ਲੋਕ ਦੁਖੀ ਅਤੇ ਪ੍ਰੇਸ਼ਾਨ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਤਿੰਨ ਸਾਲ ਤੋਂ ਝੂਠੇ ਵਾਅਦੇ ਅਤੇ ਝੂਠੇ ਦਾਅਵੇ ਕਰਕੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਾਰੀ ਅਸਲੀਅਤ ਲੋਕਾਂ ਸਾਹਮਣੇ ਆ ਗਈ ਹੈ ਅਤੇ ਉਹ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਚਾਹੁੰਦੇ ਹਨ ਅਤੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿੱਚ ਇਸਨੂੰ ਜਵਾਬ ਦੇਣ ਲਈ ਤਿਆਰ ਬੈਠੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜਤਿੰਦਰ ਮਿੱਤਲ, ਰੇਨੂ ਥਾਪਰ, ਗੁਰਦੇਵ ਸ਼ਰਮਾ ਦੇਬੀ, ਪ੍ਰਵੀਨ ਬਾਂਸਲ, ਅਸ਼ੋਕ ਲੂੰਬਾ, ਡਾ: ਸੁਭਾਸ਼ ਵਰਮਾ, ਰਜਿੰਦਰ ਖੱਤਰੀ ਅਤੇ ਕੌਂਸਲਰ ਗਰੁੱਪ ਆਗੂ ਪੂਨਮ ਰੱਤੜਾ ਸਣੇ ਕਈ ਆਗੂਆਂ ਨੇ ਸੰਬੋਧਨ ਕੀਤਾ।