ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ
ਲੁਧਿਆਣਾ, 11 ਜਨਵਰੀ
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਐਡਵੋਕੇਟ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਆਗੂਆਂ ਨੇ ਹਿੱਸਾ ਲਿਆ।
ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਸਾਥੀ ਬੰਤ ਸਿੰਘ ਬਰਾੜ ਨੇ ਕਿਹਾ ਕਿ ਸੱਤਾ ’ਤੇ ਕਾਬਜ਼ ਆਰਐੱਸਐੱਸ ਅਤੇ ਭਾਜਪਾ ਦੀ ਵਿਚਾਰਧਾਰਾ ਸਾਡੇ ਸਮਾਜ ਅਤੇ ਦੇਸ਼ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਕਮਿਊਨਿਸਟਾਂ ਦਾ ਇਤਿਹਾਸ ਆਜ਼ਾਦੀ ਦੀ ਲੜਾਈ ਵੇਲੇ ਦਿੱਤੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਤੇ ਅੱਜ ਵੀ ਉਹ ਲੋਕਾਂ ਦੀਆਂ ਸਮੱਸਿਆਵਾਂ ਲਈ ਲੜਦੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੇ ਹਨ।
ਕਾਮਰੇਡ ਬਰਾੜ ਕਿਹਾ ਕਿ ਪਾਰਟੀ ਦੀ 25ਵੀਂ ਕਾਂਗਰਸ ਜੋ ਪਾਰਟੀ ਦੇ ਸੌਵੇਂ ਸਾਲ ਵਿੱਚ ਚੰਡੀਗੜ੍ਹ ਵਿੱਚ ਹੋ ਰਹੀ ਹੈ ਲਈ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਲੁਧਿਆਣਾ ਇਕਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਹਮੇਸ਼ਾ ਮੋਹਰਲੀਆਂ ਕਤਾਰਾਂ ਵਿੱਚ ਰਿਹਾ ਹੈ ਅਤੇ ਹੁਣ ਵੀ ਇਸ ਕਾਂਗਰਸ ਨੂੰ ਨੇਪੜੇ ਚਾੜ੍ਹਨ ਵਿੱਚ ਲੁਧਿਆਣੇ ਦੇ ਸਾਥੀ ਪੂਰਾ ਯੋਗਦਾਨ ਪਾ ਰਹੇ ਹਨ।
ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਸਾਥੀ ਗੁਲਜ਼ਾਰ ਗੋਰੀਆ ਨੇ ਦੇਸ਼ ਦੇ ਹਾਲਾਤ ਅਤੇ ਵੱਧ ਰਹੇ ਗਰੀਬ ਅਮੀਰ ਦੇ ਪਾੜੇ ਬਾਰੇ ਬੋਲਦਿਆਂ ਕਿਹਾ ਕਿ ਸਾਡੀ ਪਾਰਟੀ ਹੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲੜੀ ਹੈ। ਜ਼ਿਲ੍ਹਾ ਸਕੱਤਰ ਸਾਥੀ ਡੀਪੀ ਮੌੜ ਨੇ ਵਿਸ਼ਵਾਸ ਦਵਾਇਆ ਕਿ ਲੁਧਿਆਣਾ ਇਕਾਈ ਪਾਰਟੀ ਕਾਂਗਰਸ ਦੀ ਸਫ਼ਲਤਾ ਲਈ ਦਿਨ ਰਾਤ ਇੱਕ ਕਰਕੇ ਪਿੰਡ ਪਿੰਡ ਜਾਵੇਗੀ।