ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ
ਨਿੱਜੀ ਪੱਤਰ ਪ੍ਰੇਰਕ
ਮਖੂ, 8 ਅਪਰੈਲ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਸ਼ੀਹਾਂਪਾੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮਖੂ ਵਿਖੇ ਹੋਈ। ਮੀਟਿੰਗ ਦੌਰਾਨ ਜਰਨੈਲ ਸਿੰਘ ਵਰ੍ਹਿਆਂ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਬਹੁਤ ਜਲਦ ਇਸ ਦੀ ਕਟਾਈ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਜਲੀ ਦੇ ਟਰਾਂਸਫਾਰਮਰ ਜੋ ਕਿਸਾਨਾਂ ਦੀ ਜ਼ਮੀਨ ਵਿੱਚ ਲੱਗੇ ਹੋਏ ਹਨ, ਉਨ੍ਹਾਂ ਦੇ ਥੱਲਿਓਂ ਘਾਹ, ਫੂਸ, ਕਣਕ ਆਦਿ ਨੂੰ ਵੱਢ ਦਿੱਤਾ ਜਾਵੇ ਤਾਂ ਜੋ ਕਣਕ ਦੀ ਫ਼ਸਲ ਸੁਰੱਖਿਅਤ ਰਹਿ ਸਕੇ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਕਣਕ ਦੀ ਫ਼ਸਲ ਨੂੰ ਪਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਆਗੂਆਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਦੇਣ।