ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪੁਲੀਸ ਨੂੰ ਚਿਤਾਵਨੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਮਾਰਚ
ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਪੁਲੀਸ ਰਾਹੀਂ ਭਾਜਪਾ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੀਤੀ ਜਾ ਰਹੀ ਕਾਰਵਾਈ ਰੋਕਣ ਅਤੇ ਇਸ ਬਾਰੇ ਹੁਕਮ ਦੇਣ ਵਾਲੇ ਅਧਿਕਾਰੀ ਜਾਂ ਸਿਆਸੀ ਆਗੂ ਦਾ ਨਾਮ ਸੋਮਵਾਰ ਤੱਕ ਜਨਤਕ ਕਰਨ ਨਹੀਂ ਤਾਂ ਮੰਗਲਵਾਰ ਨੂੰ ਪੁਲੀਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਅੱਜ ਭਾਜਪਾ ਦਫ਼ਤਰ ਵਿੱਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਲਈ ਪ੍ਰਸ਼ਾਸਨ ਅਤੇ ਪੁਲੀਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਭਾਜਪਾ ਦੀ ਚੜ੍ਹਤ ਨੂੰ ਵੇਖਕੇ ਆਮ ਆਦਮੀ ਪਾਰਟੀ ਬੁਖਲਾਹਟ ਵਿੱਚ ਆ ਗਈ ਹੈ ਅਤੇ ਘਟੀਆ ਹੱਥ ਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਰਾਹੀਂ ਭਾਜਪਾ ਵਰਕਰਾਂ ਤੱਕ ਪਹੁੰਚ ਕਰਕੇ ਬੂਥ ਪੱਧਰ ਦੇ ਵਰਕਰਾਂ ਦੀਆਂ ਸੂਚੀਆਂ ਮੰਗਣ ਲਈ ਦਬਾਅ ਪਾਇਆ ਜਾ ਰਿਹਾ ਹੈ ਅਤੇ ਵਰਕਰਾਂ ਨੂੰ ਧਮਕਾਇਆ ਜਾ ਰਿਹਾ ਹੈ।
ਸ੍ਰੀ ਸਰੀਨ ਨੇ ਦੋਸ਼ ਲਾਇਆ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਪੰਜਾਬ ਵਿੱਚ ਜੁਗਾੜ ਕਰਕੇ ਮੁੜ ਰਾਜਨੀਤੀ ਵਿੱਚ ਦਾਖਲ ਹੋਣ ਦਾ ਯਤਨ ਕਰ ਰਹੇ ਹਨ ਜਿਸ ਤਹਿਤ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਬਣਾਇਆ ਗਿਆ ਹੈ ਅਤੇ ਖਾਲੀ ਹੋਣ ਵਾਲੀ ਰਾਜ ਸਭਾ ਸੀਟ ਰਾਹੀਂ ਉਹ ਰਾਜ ਸਭਾ ਵਿੱਚ ਜਾਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੇ ਵੋਟਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਵੋਟਰਾਂ ਨੇ ਭਾਜਪਾ ਦੇ ਹੱਕ ਵਿੱਚ ਭੁਗਤਣ ਦਾ ਮਨ ਬਣਾ ਲਿਆ ਹੈ ਅਤੇ ਇਸੇ ਹੀ ਬੁਖਲਾਹਟ ਵਿੱਚ ਭਗਵੰਤ ਮਾਨ ਸਰਕਾਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਲੁਧਿਆਣਾ ਪੱਛਮੀ ਹਲਕੀ ਦੀ ਚੋਣ ਆਜ਼ਾਦ ਅਤੇ ਨਿਰਪੱਖ ਕਰਾਉਣ ਲਈ ਦਖਲ ਅੰਦਾਜ਼ੀ ਕਰਨ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ, ਸੂਬਾ ਸਕੱਤਰ ਰੇਨੂ ਥਾਪਰ, ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਯਸ਼ਪਾਲ ਜਨੋਤਰਾ, ਮਹੇਸ਼ ਸ਼ਰਮਾ, ਮਨੀਸ਼ ਚੋਪੜਾ, ਡਾ: ਸਤੀਸ਼ ਕੁਮਾਰ ਅਤੇ ਰਾਜਨ ਪਾਂਦੇ ਵੀ ਹਾਜ਼ਰ ਸਨ।
ਰੂਪਾਨੀ ਵੱਲੋਂ ਸਨਅਤਕਾਰਾਂ ਨਾਲ ਮੀਟਿੰਗ
Advertisementਭਾਜਪਾ ਦੇ ਕੌਮੀ ਆਗੂ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੱਲੋਂ ਉਦਯੋਗਪਤੀਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਅੱਜ ਏਵਨ ਸਾਈਕਲ ਦੇ ਐਮਡੀ ਓਂਕਾਰ ਸਿੰਘ ਪਾਹਵਾ ਨਾਲ ਮੁਲਾਕਾਤ ਕੀਤੀ ਅਤੇ ਸ: ਪਾਹਵਾ ਨੂੰ ਕੇਂਦਰ ਸਰਕਾਰ ਵੱਲੋਂ ਪਦਮਸ਼੍ਰੀ ਮਿਲਣ 'ਤੇ ਵਧਾਈ ਦਿੱਤੀ।
ਇਸ ਮੌਕੇ ਵਿਜੇ ਰੁਪਾਨੀ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਉਦਯੋਗਪਤੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਕਈ ਯੋਜਨਾਵਾਂ ਲਾਗੂ ਕਰ ਰਹੀ ਹੈ ਪਰ ਰਾਜ ਸਰਕਾਰ ਦੀ ਉਦਾਸੀਨਤਾ ਕਾਰਨ ਉਹ ਯੋਜਨਾਵਾਂ ਉੱਦਮੀਆਂ ਤੱਕ ਨਹੀਂ ਪਹੁੰਚ ਰਹੀਆਂ। ਜਿਸ ਕਾਰਨ ਅੱਜ ਪੰਜਾਬ ਦਾ ਉਦਯੋਗ ਪਛੜ ਗਿਆ ਹੈ ਅਤੇ ਦੂਜੇ ਰਾਜਾਂ ਵਿੱਚ ਜਾਣ ਲਈ ਮਜ਼ਬੂਰ ਹੈ। ਉਨ੍ਹਾਂ ਕਿਹਾ ਕਿ ਜਦੋਂ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਸੱਤਾ ਸੰਭਾਲੇਗੀ ਤਾਂ ਉਦਯੋਗਪਤੀਆਂ ਨੂੰ ਰਾਹਤ ਮਿਲੇਗੀ ਅਤੇ ਉਦਯੋਗ ਨੂੰ ਵਧਣ ਫੁੱਲਣ ਦਾ ਮੌਕਾ ਮਿਲੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਜਤਿੰਦਰ ਮਿੱਤਲ, ਜਨਰਲ ਸਕੱਤਰ ਅਨਿਲ ਸਰੀਨ, ਗੁਰਦੇਵ ਸ਼ਰਮਾ ਦੇਵੀ ਨੇਵੀ ਹਾਜ਼ਰ ਸਨ।