ਭਾਰਤੀ ਫ਼ੌਜ ਅਤੇ ਸਾਡੇ ਬਹਾਦਰ ਫੌਜੀਆਂ ’ਤੇ ਮਾਣ: ਕੇਜਰੀਵਾਲ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਮਈ
ਆਮ ਆਦਮੀ ਪਾਰਟੀ ਨੇ ‘ਆਪ੍ਰੇਸ਼ਨ ਸਿੰਧੂਰ’ ਦੀ ਸਫਲਤਾ ‘ਤੇ ਭਾਰਤੀ ਫੌਜ ਨੂੰ ਵਧਾਈ ਦਿੱਤੀ ਹੈ। ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤੀ ਫੌਜ ਨੇ ਮੰਗਲਵਾਰ ਅੱਧੀ ਰਾਤ ਨੂੰ ਆਪ੍ਰੇਸ਼ਨ ਸਿੰਧੂਰ ਨੂੰ ਸਫਲਤਾਪੂਰਵਕ ਅੰਜਾਮ ਦੇ ਕੇ ਆਪਣੀ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਅਤੇ ਪਾਕਿਸਤਾਨ ਵਿੱਚ ਚੱਲ ਰਹੇ ਕਈ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਸਫਲਤਾ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ ਭਾਰਤੀ ਫੌਜ ਅਤੇ ਬਹਾਦਰ ਫੌਜੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸ਼ਰਧਾਂਜਲੀ ਦਿੱਤੀ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ‘ਆਪ੍ਰੇਸ਼ਨ ਸਿੰਧੂਰ’ ਦੀ ਸਫਲਤਾ ਲਈ ਭਾਰਤੀ ਫੌਜ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਭਾਰਤੀ ਫੌਜ ਅਤੇ ਸਾਡੇ ਬਹਾਦਰ ਸੈਨਿਕਾਂ ’ਤੇ ਮਾਣ ਹੈ। ਅਤਿਵਾਦ ਵਿਰੁੱਧ ਇਸ ਲੜਾਈ ਵਿੱਚ 140 ਕਰੋੜ ਭਾਰਤੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਭਾਰਤੀ ਫੌਜ ਦੀ ਹਿੰਮਤ ਦੇਸ਼ ਦੇ ਹਰ ਨਾਗਰਿਕ ਦਾ ਵਿਸ਼ਵਾਸ ਹੈ। ਅਸੀਂ ਸਾਰੇ ਇਕੱਠੇ ਹਾਂ। ਅਸੀਂ ਅਤਿਵਾਦ ਵਿਰੁੱਧ ਇੱਕਜੁੱਟ ਹਾਂ।
ਪੰਜਾਬ ਇੰਚਾਰਜ ਮਨੀਸ਼ ਸਿਸੋਧੀਆ ਨੇ ਕਿਹਾ ਕਿ ਭਾਰਤੀ ਫੌਜ ਅਤੇ ਸਾਡੇ ਬਹਾਦਰ ਸੈਨਿਕਾਂ ਨੇ ਇੱਕ ਵਾਰ ਫਿਰ ਸਾਨੂੰ ਮਾਣ ਨਾਲ ਭਰ ਦਿੱਤਾ ਹੈ। ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਭਾਰਤੀ ਫੌਜ ਦੇ ਨਾਲ ਹਨ। ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਫੌਜ, ਹਵਾਈ ਫੌਜ ਅਤੇ ਜਲ ਸੈਨਾ ‘ਤੇ ਬਹੁਤ ਮਾਣ ਹੈ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਐਕਸ ’ਤੇ ਕਿਹਾ ਕਿ ਜੈ ਹਿੰਦ ਕੀ ਸੈਨਾ। ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ’ਤੇ ਭਾਰਤੀ ਫੌਜ ਨੂੰ ਵਧਾਈਆਂ। ਅਤਿਵਾਦ ਵਿਰੁੱਧ ਇਸ ਲੜਾਈ ਵਿੱਚ ਪੂਰਾ ਦੇਸ਼ ਭਾਰਤੀ ਫੌਜ ਦੇ ਨਾਲ ਖੜ੍ਹਾ ਹੈ।
ਦਿੱਲੀ ਦੇ ਭਾਜਪਾ ਆਗੂਆਂ ਵੱਲੋਂ ‘ਆਪਰੇਸ਼ਨ ਸਿੰਧੂਰ’ ਦੀ ਸ਼ਲਾਘਾ
ਨਵੀਂ ਦਿੱਲੀ: ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅਤਿਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਭਾਰਤ ਦੇ ਹਮਲੇ ਮਗਰੋਂ ਭਾਜਪਾ ਦੀ ਦਿੱਲੀ ਇਕਾਈ ਦੇ ਆਗੂਆਂ ਨੇ ਅੱਜ ਸ਼ੋਸ਼ਲ ਮੀਡੀਆ ‘ਆਪਰੇਸ਼ਨ ਸਿੰਧੂਰ’ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਅਤੇ ਭਾਜਪਾ ਦੇ ਲੋਕ ਸਭਾ ਮੈਂਬਰ ਮਨੋਜ ਤਿਵਾੜੀ ਨੇ ਪ੍ਰਧਾਨ ਮੰਤਰੀ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਸ ਨਾਲ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਦਾ ਬਦਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਭਾਰਤ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। -ਪੀਟੀਆਈ