ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਸਮਾਗਮ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 14 ਅਪਰੈਲ
ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬੈਨ ਵਿਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਖੰਨਾ ਨੇ ਸਾਰਿਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏੇ ਬੱਚਿਆਂ ਨੂੰ ਇਸ ਤਿਉਹਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸਾਖੀ ਪੰਜਾਬ ਸੂਬੇ ਵਿਚ ਮਨਾਇਆ ਜਾਣ ਵਾਲਾ ਮੁੱਖ ਤਿਉਹਾਰ ਹੈ ,ਜੋ ਕਿ ਹਾੜ੍ਹੀ ਦੀ ਫਸਲ ਨੂੰ ਪੱਕਣ ਨੂੰ ਦਰਸਾਉਂਦਾ ਹੈ। ਉਨ੍ਹਾ ਕਿਹਾ ਕਿ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਆਨੰਦਪੁਰ ਸਾਹਿਬ ਵਿਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਤਿਆਰ ਕਰ ਕੇ ਪਹਿਲਾਂ ਪੰਜ ਪਿਆਰਿਆਂ ਨੂੰ ਤਿਆਰ ਕੀਤਾ ,ਫਿਰ ਉਨ੍ਹਾਂ ਨੂੰ ਅੰਮ੍ਰਿਤ ਛਕਾਇਆ ਤੇ ਫਿਰ ਉਨ੍ਹਾਂ ਤੋਂ ਆਪ ਅੰਮ੍ਰਿਤ ਛਕਿਆ। ਉਨ੍ਹਾਂ ਨੇ ਇਸ ਦਿਨ ਨਾਲ ਜੁੜੀ ਇਕ ਦੁਖਦਾਈ ਘਟਨਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਕਿ ਅੰਗਰੇਜ਼ਾਂ ਵੱਲੋਂ ਬਣਾਏ ਗਏ ਕਾਲੇ ਕਾਨੂੰਨ ਰੋਲਟ ਐਕਟ ਦੇ ਅਨੁਸਾਰ ਕਿਸੇ ਵੀ ਵਿਅਕਤੀ ਨੂੰ 2 ਸਾਲ ਕੈਦ ਹੋ ਸਕਦੀ ਸੀ । ਇਸ ਕਾਨੂੰਨ ਦੇ ਖਿਲਾਫ ਲੋਕਾਂ ਨੇ ਜੱਲ੍ਹਿਆਂ ਵਾਲਾ ਬਾਗ ਅੰਮ੍ਰਿਤਸਰ ਵਿੱਚ ਮੀਟਿੰਗ ਬੁਲਾਈ। ਅੰਗਰੇਜ਼ ਅਫਸਰ ਜਨਰਲ ਡਾਇਰ ਨੇ ਬਿਨਾਂ ਕਿਸੇ ਚਿਤਾਵਨੀ ਦਿੱਤੇ ਨਿਹੱਥੇ ਲੋਕਾਂ ’ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਬੱਚਿਆਂ ਵੱਲੋਂ ਇਸ ਮੌਕੇ ਰੰਗਾਰੰਗ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਮਾਹੌਲ ਖੁਸ਼ ਨੁਮਾ ਬਣਾ ਦਿੱਤਾ। ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ।