ਭਾਈਚਾਰਕ ਸਾਂਝ ਕਾਇਮ ਕਰਨ ਵੱਲ ਵਧੇਰੇ ਤਵੱਜੋ ਦੇਵੇ ਸਿੱਖ ਕੌਮ: ਗੜਗੱਜ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਮਈ
ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੇ ਖ਼ਾਤਮੇ ਅਤੇ ਵਿਸ਼ਵ ਸ਼ਾਂਤੀ ਦੀ ਸਥਾਪਤੀ ਲਈ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਰਦਾਸ ਸਮਾਗਮ ਕੀਤਾ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ਼ਬਦ ਕੀਰਤਨ ਅਤੇ ਅਰਦਾਸ ਦੀ ਸਮਾਪਤੀ ਮਗਰੋਂ ਸੰਗਤ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੂਲ ਪੰਜਾਬੀਆਂ ਦੀ ਮੌਜੂਦਾ ਤ੍ਰਾਸਦੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਮੁੱਢਲੇ ਤੌਰ ’ਤੇ ਭਾਈਚਾਰਕ ਸਾਂਝ ਕਾਇਮ ਕਰਨ ਵੱਲ ਵਧੇਰੇ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਪੰਜਾਬ ਤੇ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਸਮਰੱਥ ਤਰੀਕੇ ਨਾਲ ਟਾਕਰਾ ਕੀਤਾ ਜਾ ਸਕੇ।
ਪਿੱਛੇ ਜਿਹੇ ਪਿੰਡ ਕੁੰਭੜਾ ਵਿੱਚ ਪਰਵਾਸੀ ਮਜ਼ਦੂਰਾਂ ਵੱਲੋਂ ਦੋ ਪੰਜਾਬੀ ਨੌਜਵਾਨਾਂ ਦੇ ਕਤਲ ਦਾ ਜ਼ਿਕਰ ਕਰਦਿਆਂ ਸ੍ਰੀ ਗੜਗੱਜ ਕਿਹਾ, ‘‘ਇਹ ਘਟਨਾ ਸਾਡੇ ਆਪਣੇ ਖ਼ਿੱਤੇ ’ਚ ਸਾਡੀ ਹੋਂਦ ਲਈ ਵੰਗਾਰ ਹੈ। ਭਵਿੱਖ ’ਚ ਅਜਿਹੀਆਂ ਗ਼ੈਰਮਨੁੱਖੀ ਘਟਨਾਵਾਂ ਦੇ ਖ਼ਾਤਮੇ ਲਈ ਸਾਨੂੰ ਆਪਣੇ ਵਖਰੇਵੇਂ ਤਿਆਗ ਕੇ ਇੱਕਜੁਟ ਹੋਣਾ ਪਵੇਗਾ।’’ ਉਨ੍ਹਾਂ ਕਿਹਾ ਕਿ ਮੁਹਾਲੀ ਇਲਾਕਾ ਸ਼ਹੀਦਾਂ-ਸਿੰਘਾਂ ਦੀ ਪਵਿੱਤਰ ਧਰਤੀ ਹੈ, ਇੱਥੇ ਤੰਬਾਕੂ, ਬੀੜੀ, ਪਾਨ ਅਤੇ ਹਲਾਲ ਮੀਟ ਦੀਆਂ ਦੁਕਾਨਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੁਕਾਨਾਂ ਬੰਦ ਕਰਵਾਉਣ ਲਈ ਛੇਤੀ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਵੇਗੀ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪ੍ਰਬੰਧਕੀ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਪਰਵਿੰਦਰ ਸਿੰਘ ਸੋਹਾਣਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਭਰੋਸਾ ਦਿੱਤਾ ਕਿ ਉਹ ਸਿੱਖ ਕੌਮ ਨੂੰ ਸੇਧ ਦੇਣ ਅਤੇ ਆਰੰਭੇ ਸਮਾਜਿਕ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣਗੇ।
ਉਨ੍ਹਾਂ ਆਸ ਪ੍ਰਗਟਾਈ ਕਿ ਸਿੱਖ ਕੌਮ ਦੀ ਸੁਚੱਜੀ ਅਗਵਾਈ ਰਾਹੀਂ ਤਮਾਮ ਚੁਣੌਤੀਆਂ ਨੂੰ ਛੇਤੀ ਹੀ ਸਰ ਕਰ ਲਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸਤਵਿੰਦਰ ਸਿੰਘ, ਕਮੇਟੀ ਮੈਂਬਰ ਜਰਨੈਲ ਸਿੰਘ, ਭੁਪਿੰਦਰ ਸਿੰਘ, ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਆਦਿ ਹਾਜ਼ਰ ਸਨ।