ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਨੂੰ ਹਿਰਾਸਤ ’ਚ ਲਿਆ
ਹਤਿੰਦਰ ਮਹਿਤਾ
ਜਲੰਧਰ, 31 ਮਈ
ਸਾਂਝਾ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਨੂੰ ਜਲੰਧਰ ਦਿਹਾਤੀ ਦੀ ਮਹਿਤਪੁਰ ਪੁਲੀਸ ਨੇ ਅੱਜ ਹਿਰਾਸਤ ’ਚ ਲਿਆ ਹੈ। ਸਾਂਝਾ ਮਜ਼ਦੂਰ ਮੋਰਚਾ ਦੇ ਆਗੂਆਂ ਕਿਹਾ ਕਿ ਮੋਰਚੇ ਵੱਲੋਂ ਹੱਕਾਂ ਲਈ ਉੱਠਣ ਵਾਲੀ ਆਵਾਜ਼ ਤੋਂ ਮੁਕਤ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਜਬਰ ਅਤੇ ਬੀੜ ਐਸ਼ਵਾਨ ਮਾਮਲੇ ’ਚ ਹਿਰਾਸਤ ’ਚ ਲਏ ਆਗੂਆਂ ਤੇ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਲਈ 2 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ ’ਤੇ ਕੀਤੇ ਜਾਣ ਵਾਲੇ ਮੁਜ਼ਾਹਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਤਾਰਪੀਡੋ ਕਰਨ ਲਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮਜ਼ਦੂਰ ਮੋਰਚਾ ਪੰਜਾਬ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੀ ਦੇਵੀ ਕੁਮਾਰੀ ਸਰਹਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਕੁਲਵੰਤ ਸਿੰਘ ਸੇਲਬਰਾਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਗੁਰਪ੍ਰੀਤ ਸਿੰਘ ਰੂੜੇਕੇ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਨੇ ਕਿਹਾ ਕਿ 2 ਜੂਨ ਦੇ ਜ਼ਿਲ੍ਹਾ ਕੇਂਦਰਾਂ ਉੱਤੇ ਕੀਤੇ ਜਾ ਰਹੇ ਮੁਜ਼ਾਹਰਿਆਂ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 20 ਮਈ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੀਂਦ ਦੇ ਰਾਜੇ ਦੀ ਜ਼ਮੀਨ ’ਤੇ ਹੱਕ ਜਤਾਈ ਲਈ ਸੰਘਰਸ਼ ਕੀਤਾ ਗਿਆ ਸੀ। ਇਸ ਮੌਕੇ ਸੈਂਕੜੇ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਜਬਰ ਖ਼ਿਲਾਫ਼ 2 ਜੂਨ ਨੂੰ ਪੂਰੇ ਪੰਜਾਬ ਵਿੱਚ ਮੁਜ਼ਾਹਰੇ ਕੀਤੇ ਜਾਣਗੇ।