ਮਜੀਠੀਆ ਨੇ ਸੰਜੈ ਸਿੰਘ ਖ਼ਿਲਾਫ਼ ਮਾਣਹਾਨੀ ਕੇਸ ਵਿੱਚ ਪੇਸ਼ੀ ਭੁਗਤੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਜੂਨ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਮੂਹ ਸਿੱਖ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਧਿਆਨ ਵਿੱਚ ਰੱਖਦਿਆਂ 6 ਜੂਨ ਘੱਲੂਘਾਰਾ ਦਿਵਸ ਨੂੰ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਾਂਤੀਪੂਰਵਕ ਮਨਾਇਆ ਜਾਵੇ। ਉਹ ਅੱਜ ਇਥੇ ਅਦਾਲਤ ਕੰਪਲੈਕਸ ਦੇ ਬਾਹਰ ਮੀਡੀਆ ਨਾਲ ਗੱਲ ਕਰ ਰਹੇ ਸਨ। ਉਹ ਇੱਥੇ ਅਦਾਲਤ ਵਿੱਚ ‘ਆਪ’ ਆਗੂ ਸੰਜੈ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਪੇਸ਼ੀ ਸਬੰਧੀ ਆਏ ਸਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 6 ਜੂਨ ਘੱਲੂਘਾਰਾ ਦਿਵਸ ਨੂੰ ਸ਼ਹੀਦਾਂ ਨੂੰ ਯਾਦ ਕਰਦਿਆਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਕਿਸੇ ਇੱਕ ਵਿਅਕਤੀ ਨੂੰ ਨਿੱਜੀ ਤੌਰ ’ਤੇ ਇਸ ਮਾਮਲੇ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਪਹਿਲਾਂ ਵੀ ਬਦਲੇ ਜਾਂਦੇ ਰਹੇ ਹਨ ਅਤੇ ਅਗਾਂਹ ਵੀ ਇਹ ਸਿਲਸਿਲਾ ਚਲਦਾ ਰਹੇਗਾ। ਹਰਿਮੰਦਰ ਸਾਹਿਬ ਨੇੜੇ ਅੱਜ ਵਾਪਰੀ ਬੇਅਦਬੀ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਐਨੀ ਜ਼ਿਆਦਾ ਪੁਲੀਸ ਤਾਇਨਾਤ ਹੋਣ ਦੇ ਬਾਵਜੂਦ ਵੀ ਜੇ ਇੱਥੇ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਹ ਸੁਰੱਖਿਆ ਪ੍ਰਬੰਧਾਂ ’ਤੇ ਸਵਾਲੀਆ ਚਿੰਨ੍ਹ ਹੈ। ਉਨ੍ਹਾਂ ਸਰਕਾਰ ਵੱਲੋਂ ਬਣਾਈ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ।