ਮਧੂ ਮੱਖੀ ਪਾਲਣ ਅਤੇ ਸ਼ਹਿਦ ਉਤਪਾਦਨ ਬਾਰੇ ਸੈਮੀਨਾਰ
ਲੁਧਿਆਣਾ, 2 ਅਪਰੈਲ
ਪੀਏਯੂ ਨੇ ਪੰਜਾਬ ਦੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਮਧੂ ਮੱਖੀ ਪਾਲਣ ਅਤੇ ਸ਼ਹਿਦ ਉਤਪਾਦਨ ਸਬੰਧੀ ਸੂਬਾ ਪੱਧਰੀ ਸੈਮੀਨਾਰ ਕਰਵਾਇਆ। ਇਸ ਮੌਕੇ ਰਾਸ਼ਟਰੀ ਮਧੂ ਮੱਖੀ ਪਾਲਣ ਅਤੇ ਸ਼ਹਿਦ ਮਿਸ਼ਨ ਦੇ 20 ਅਧਿਕਾਰੀਆਂ ਤੋਂ ਇਲਾਵਾ 250 ਦੇ ਕਰੀਬ ਕਿਸਾਨ, ਬੀਬੀਆਂ ਅਤੇ ਸ਼ਹਿਦ ਮੱਖੀ ਪਾਲਕ ਸ਼ਾਮਲ ਹੋਏ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸ਼ਹਿਦ ਮੱਖੀ ਪਾਲਣ ਦੇ ਖੇਤਰ ਵਿੱਚ ਆਏ ਇਤਿਹਾਸਕ ਯੋਗਦਾਨ ਦੀ ਚਰਚਾ ਕਰਦਿਆਂ ਯੂਨੀਵਰਸਿਟੀ ਵੱਲੋਂ ਭਾਰਤ ਵਿੱਚ ਇਟਾਲੀਅਨ ਸ਼ਹਿਦ ਮੱਖੀ ਦਾ ਤੁਆਰਫ ਕਰਵਾਉਣ ਦੀ ਗੱਲ ਕੀਤੀ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਪੀ.ਏ.ਯੂ. ਨੇ ਸਹਾਇਕ ਕਿੱਤਿਆਂ ਵਿੱਚੋਂ ਵਿਸ਼ੇਸ਼ ਤੌਰ ’ਤੇ ਸ਼ਹਿਦ ਮੱਖੀ ਪਾਲਣ ਨੂੰ ਪਰ-ਪਰਾਗਣ ਦੀ ਦ੍ਰਿਸ਼ਟੀ ਦੇ ਨਾਲ-ਨਾਲ ਮਿਆਰੀ ਅਤੇ ਪੌਸ਼ਟਿਕ ਭੋਜਨ ਦੇ ਰੂਪ ਵਿੱਚ ਸ਼ਹਿਦ ਦੀ ਵਰਤੋਂ ਲਈ ਵਿਕਸਿਤ ਕੀਤਾ ਹੈ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪੀ.ਏ.ਯੂ. ਵੱਲੋਂ ਕਿਸਾਨ ਮੇਲੇ ਅਤੇ ਹੋਰ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਸ਼ਹਿਦ ਮੱਖੀ ਪਾਲਣ ਅਪਣਾ ਕੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨ ਲਈ ਕੀਤੇ ਜਾ ਰਹੇ ਕੰਮਾਂ ਦਾ ਹਵਾਲਾ ਦਿੱਤਾ। ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਖੇਤੀ ਨੂੰ ਮੁਨਾਫੇਯੋਗ ਧੰਦਾ ਬਣਾਉਣ ਲਈ ਸ਼ਹਿਦ ਮੱਖੀ ਪਾਲਣ ਨੂੰ ਢੁੱਕਵੇਂ ਬਦਲ ਵਜੋਂ ਅਪਨਾਉਣ ਲਈ ਆਖਿਆ। ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਮਨਮੀਤ ਭੁੱਲਰ ਨੇ ਕਿਹਾ ਕਿ ਜੇਕਰ ਪੰਜਾਬ ਨੇ ਇਸ ਖੇਤਰ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ ਤਾਂ ਇਸਦਾ ਸਿਹਰਾ ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਸਿਰ ਬੱਝਦਾ ਹੈ।
ਤਕਨੀਕੀ ਸੈਸ਼ਨ ਦੌਰਾਨ ਪੀ.ਏ.ਯੂ. ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਮਾਹਿਰਾਂ ਨੇ ਵਿਗਿਆਨਕ ਸ਼ਹਿਦ ਮੱਖੀ ਪਾਲਣ ਦੇ ਵੱਖ-ਵੱਖ ਨੁਕਤੇ ਸਾਂਝੇ ਕੀਤੇ। ਇਸ ਮੌਕੇ ਬਾਗ਼ਬਾਨੀ ਵਿਕਾਸ ਅਧਿਕਾਰੀ ਅਤੇ ਸ਼ਹਿਦ ਮੱਖੀ ਪਾਲਣ ਸਬੰਧੀ ਨੋਡਲ ਅਫ਼ਸਰ ਡਾ. ਜਗਦੀਪ ਸਿੰਘ ਨੇ ਐੱਨ ਬੀ ਐੱਚ ਐੱਮ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ। ਬਾਗ਼ਬਾਨੀ ਵਿਭਾਗ ਦੇ ਉਪ ਨਿਰਦੇਸ਼ਕ ਡਾ. ਦਲਬੀਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇ ਨਾਲ ਸਬੰਧਤ ਪ੍ਰਦਰਸ਼ਨੀਆਂ ਲਾਈਆਂ ਗਈਆਂ।