ਮਨਰੇਗਾ ਮਜ਼ਦੂਰਾਂ ਵੱਲੋਂ ਸੰਘਰਸ਼ ਦਾ ਐਲਾਨ
ਦੀਪਕ ਠਾਕੁਰ
ਤਲਵਾੜਾ, 18 ਮਈ
ਮਨਰੇਗਾ ਵਰਕਰਜ਼ ਯੂਨੀਅਨ ਬਲਾਕ ਹਾਜੀਪੁਰ ਦੀ ਮੀਟਿੰਗ ਇਕਾਈ ਪ੍ਰਧਾਨ ਬਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵੀ ਸ਼ਾਮਲ ਹੋਏ। ਇਸ ਮੌਕੇ ਬਲਾਕ ਸਕੱਤਰ ਅਨਿਤਾ ਕੁਮਾਰੀ ਨੇ ਦਸਿਆ ਕਿ ਪੰਚਾਇਤੀ ਚੋਣਾਂ ਉਪਰੰਤ ਰੰਜਿਸ਼ਨ ਵਜੋਂ ਪਿੰਡਾਂ ’ਚ ਮੇਟਾਂ ਨੂੰ ਬਿਨ੍ਹਾਂ ਵਜ੍ਹਾ ਤੋਂ ਕੱਢਿਆ ਜਾ ਰਿਹਾ ਹੈ ਜਾਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਯੂਨੀਅਨ ਨੇ ਬਲਾਕ ਪੱਧਰ ’ਤੇ ਬੀਡੀਪੀਓਜ਼ ਨੂੰ ਮੰਗ ਪੱਤਰ ਵੀ ਸੌਂਪੇ ਸਨ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਵੀ ਵਫ਼ਦ ਮਿਲਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਮਗਨਰੇਗਾ ਮੇਟਾਂ ਅਤੇ ਵਰਕਰਾਂ ਦੀਆਂ ਮੰਗਾਂ ਦੇ ਹੱਲ ਲਈ ਸਾਰੇ ਅਧਿਕਾਰੀਆਂ ਅਤੇ ਯੂਨੀਅਨ ਨਾਲ ਸਾਂਝੀ ਮੀਟਿੰਗ ਬੁਲਾਉਣ ਦਾ ਭਰੋਸਾ ਦਿੱਤਾ ਸੀ। ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗ ਦਾ ਕੋਈ ਸਮਾਂ ਨਹੀਂ ਦਿੱਤਾ ਗਿਆ, ਉੱਥੇ ਹੀ ਮੇਟਾਂ ਨੂੰ ਸਿਆਸੀ ਰੰਜਿਸ਼ ਤਹਿਤ ਤੰਗ-ਪ੍ਰੇਸ਼ਾਨ ਕਰਨਾ ਲਗਾਤਾਰ ਜਾਰੀ ਹੈ। ਬਲਕਾਰ ਸਿੰਘ ਅਤੇ ਮਮਤਾ ਬਾਬਾ ਈਸ਼ਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਹੋਇਆਂ ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜ਼ਿਆਦਾਤਰ ਪਿੰਡਾਂ ’ਚ ਮਗਨਰੇਗਾ ਮਜ਼ਦੂਰ ਵਿਹਲੇ ਬੈਠੇ ਹਨ। ਮਗਨਰੇਗਾ ਵਰਕਰਾਂ ਨੂੰ ਫਰਵਰੀ, ਮਾਰਚ ਅਤੇ ਅਪਰੈਲ ਮਹੀਨੇ ਦਾ ਮਿਹਨਤਾਨਾ ਅਜੇ ਤੱਕ ਨਹੀਂ ਮਿਲਿਆ। ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਨੇ ਦਸਿਆ ਕਿ ਮਗਨਰੇਗਾ ਮੰਗਾਂ ਨੂੰ ਲੈ ਕੇ ਜਥੇਬੰਦੀ ਨੇ 29 ਤਾਰੀਕ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਦਾ ਫੈਸਲਾ ਕੀਤਾ ਹੈ। ਬਲਾਕ ਪ੍ਰਧਾਨ ਬਲਵਿੰਦਰ ਕੌਰ ਨੇ ਦੱਸਿਆ ਕਿ 29 ਮਈ ਦੇ ਧਰਨੇ ਦੀ ਤਿਆਰੀ ਲਈ ਹਾਜੀਪੁਰ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈੈ।