ਮਨੁੱਖੀ ਅਧਿਕਾਰ ਦਿਵਸ: ਬਠਿੰਡਾ ਵਿੱਚ ਜਨਤਕ ਜਥੇਬੰਦੀਆਂ ਵੱਲੋਂ ਰੋਸ ਮਾਰਚ
ਬਠਿੰਡਾ, 10 ਦਸੰਬਰ
ਮਨੁੱਖੀ ਅਧਿਕਾਰ ਦਿਵਸ ਮੌਕੇ ਅੱਜ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਇੱਥੇ ਕਨਵੈਨਸ਼ਨ ਕਰਨ ਤੋਂ ਬਾਅਦ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਕਨਵੈਨਸ਼ਨ ਦੇ ਮੁੱਖ ਬੁਲਾਰਿਆਂ ਐਡਵੋਕੇਟ ਸੁਦੀਪ ਸਿੰਘ ਅਤੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਲੰਮੇ ਸਮੇਂ ਤੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਆਦਿਵਾਸੀਆਂ, ਮੁਸਲਮਾਨਾਂ, ਦਲਿਤਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਜਨਤਕ ਜਾਇਦਾਦਾਂ ਨੂੰ ਕਾਰਪੋਰੇਟਾਂ ਦੇ ਹੱਥਾਂ ਵਿਚ ਦੇ ਰਹੀ ਹੈ। ਉਨ੍ਹਾਂ ਕਿਹਾ ਇਨ੍ਹਾਂ ਵਿੱਚ ਦੇਸ਼ ਦੇ ਹਵਾਈ ਅੱਡੇ, ਰੇਲਵੇ, ਜਲ, ਜੰਗਲ ਤੇ ਜ਼ਮੀਨ ਸ਼ਾਮਿਲ ਹਨ। ਉਨ੍ਹਾਂ ਆਖਿਆ ਕਿ ਲੋਕ ਘੋਲਾਂ ਨੂੰ ਦਬਾਉਣ ਲਈ ਕਾਲੇ ਕਾਨੂੰਨ ਲਿਆਂਦੇ ਜਾ ਰਹੇ ਹਨ, ਜਿਨ੍ਹਾਂ ਤਹਿਤ ਵਿਦਰੋਹੀ ਆਵਾਜ਼ਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਇੱਥੋਂ ਦੀਆਂ ਕੌਮੀਅਤਾਂ ਦੇ ਘੋਲਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਜ਼ਰਈ ਖੇਤਰ ਦੇ ਸੰਕਟ ਨੂੰ ਹੱਲ ਕਰਨ ਲਈ ਕੋਈ ਖੇਤੀ ਨੀਤੀ ਨਹੀਂ ਬਣਾਈ ਜਾ ਰਹੀ।
ਕਨਵੈਨਸ਼ਨ ’ਚ ਪਾਸ ਮਤਿਆਂ ਰਾਹੀਂ ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਇਲਾਵਾ ਦੁੱਨੇਵਾਲਾ ਅਤੇ ਲੇਲੇਵਾਲਾ ’ਚ ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ। ਐਨਆਈਏ, ਯੂਏਪੀਏ ਅਫ਼ਸਪਾ, ਕਿਰਤ ਕੋਡ, 295-ਏ, ਪਰਸਨਲ ਡਾਟਾ ਐਕਟ ਨੂੰ ਖਤਮ ਕਰਨ ਦੀ ਮੰਗ ਵੀ ਹੋਈ। ਨਵੇਂ ਫੌਜਦਾਰੀ ਕਾਨੂੰਨ ਰੱਦ ਕਰਨ, ਆਦਿ ਵਾਸੀਆਂ ’ਤੇ ਤਸ਼ੱਦਦ ਬੰਦ ਕਰਨ, ਛੱਤੀਸਗੜ੍ਹ ਵਿਚ ਫੌਜ ਦੀ ਅਭਿਆਸ ਰੇਂਜ ਦਾ ਫੈਸਲਾ ਰੱਦ ਕਰਨ, ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀ ਰਿਹਾਅ ਕਰਨ ਦੀ ਮੰਗ ਵੀ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਜਮਹੂਰੀ ਅਧਿਕਾਰ ਸਭਾ ਦੇ ਪ੍ਰਿਤਪਾਲ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜੋਰਾ ਸਿੰਘ ਨਸਰਾਲੀ, ਸਿਕੰਦਰ ਸਿੰਘ (ਡੀਐਮਐਫ), ਤਰਕਸ਼ੀਲ ਸੁਸਾਇਟੀ ਵੱਲੋਂ ਰਾਮ ਸਿੰਘ ਨਿਰਮਾਣ, ਟੀਚਰਜ਼ ਹੋਮ ਟਰੱਸਟ ਵੱਲੋਂ ਲਛਮਣ ਸਿੰਘ ਮਲੂਕਾ, ਗਗਨਦੀਪ ਸਿੰਘ, ਰੇਸ਼ਮ ਸਿੰਘ (ਡੀਟੀਐਫ), ਕੁਲਦੀਪ ਬੰਗੀ (ਡੀਟੀਐਫ), ਹਰਵਿੰਦਰ ਕੋਟਲੀ (ਬੀਕੇਯੂ-ਧਨੇਰ) ਤੇ ਬੀਕੇਯੂ ਉਗਰਾਹਾਂ ਵੱਲੋਂ ਸ਼ਿੰਗਾਰਾ ਸਿੰਘ ਮਾਨ ਨੇ ਕੀਤੀ।