ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ
ਪਠਾਨਕੋਟ, 21 ਮਈ
ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ’ਤੇ ਭੋਆ ਹਲਕੇ ਅਧੀਨ ਆਉਂਦੇ ਅੱਡਾ ਬਨੀਲੋਧੀ ਸਥਿਤ ਕਾਂਗਰਸ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਸਵੀਰ ਅੱਗੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਇਨ੍ਹਾਂ ਤੋਂ ਇਲਾਵਾ ਸਾਬਕਾ ਬਲਾਕ ਸਮਿਤੀ ਮੈਂਬਰ ਪ੍ਰੇਮ ਕੁਮਾਰ, ਲਵਲੀ ਕੁਮਾਰ, ਦਵਿੰਦਰ ਕੁਮਾਰ, ਸਚਿਨ ਕੁਮਾਰ, ਸੁਰਜੀਤ ਸਿੰਘ, ਰਵੀ ਸਿੰਘ ਸਲਾਰੀਆ ਤੇ ਜੀਵਨ ਕੁਮਾਰ ਹਾਜ਼ਰ ਸਨ।
ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕੋ ਇੱਕ ਪਾਰਟੀ ਹੈ ਜਿਸ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਕੁਰਬਾਨੀ ਸੀ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸੋਚ ਦੇਸ਼ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲੈ ਕੇ ਜਾਣ ਦੀ ਸੀ ਅਤੇ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਕਈ ਇਤਿਹਾਸਕ ਫੈਸਲੇ ਲਏ, ਜਿਨ੍ਹਾਂ ਸਦਕਾ ਸਾਡਾ ਭਾਰਤ ਅੱਜ ਤਰੱਕੀ ਅਤੇ ਉਚਾਈਆਂ ਦੇ ਰਾਹ ’ਤੇ ਹੈ।