ਮਲੋਟ ’ਚ ਖੇਤ ਮਜ਼ਦੂਰਾਂ ਵੱਲੋਂ ਕੈਬਨਿਟ ਮੰਤਰੀ ਦੇ ਦਫ਼ਤਰ ਦਾ ਘਿਰਾਓ
ਲਖਵਿੰਦਰ ਸਿੰਘ
ਮਲੋਟ, 30 ਮਈ
ਇਥੇ ਮਜ਼ਦੂਰਾਂ ਨੇ ਅੱਜ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ ਕੀਤਾ ਅਤੇ ਸਰਕਾਰ ਨੂੰ ਲੋਕ ਪੱਖੀ ਨੀਤੀਆਂ ਲਾਗੂ ਕਰਨ ਅਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੀ ਮੰਗ ਕੀਤੀ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਵਿਸ਼ਾਲ ਧਰਨੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ। ਧਰਨੇ 'ਚ ਵੱਡੀ ਗਿਣਤੀ ’ਚ ਪਹੁੰਚੀਆਂ ਔਰਤਾਂ ਤੇ ਮਰਦਾਂ ਵੱਲੋਂ ਭਗਵੰਤ ਮਾਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸ਼ਹਿਰ ’ਚ ਮੁਜ਼ਾਹਰਾ ਵੀ ਕੀਤਾ ਗਿਆ। ਸ੍ਰੀ ਸੇਵੇਵਾਲਾ ਨੇ ਮਜ਼ਦੂਰਾਂ ਕਿਸਾਨਾਂ ਦੀ ਬਿਹਤਰੀ ਲਈ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਯੂਨੀਅਨ ਦੇ ਜ਼ਿਲ੍ਹਾ ਆਗੂ ਬਾਜ਼ ਸਿੰਘ ਭੁੱਟੀਵਾਲਾ, ਕਾਲਾ ਸਿੰਘ, ਰਾਜਾ ਸਿੰਘ ਖੂਨਣ ਖੁਰਦ, ਕਾਕਾ ਸਿੰਘ ਤੇ ਤਰਸੇਮ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਭਗਵੰਤ ਮਾਨ ਵੱਲੋਂ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਦਾਅਵੇ ਕੀਤੇ ਸਨ, ਜੋ ਤਿੰਨ ਸਾਲ ਬੀਤਣ ਦੇ ਬਾਵਜੂਦ ਪੂਰੇ ਨਹੀਂ ਹੋਏ। ਉਨ੍ਹਾਂ ਔਰਤਾਂ ਨੂੰ ਹਜ਼ਾਰ ਰੁਪਏ ਦੇਣ, ਪੈਨਸ਼ਨ 25 ਸੌ ਰੁਪਏ ਕਰਨ, ਮਨਰੇਗਾ ਤਹਿਤ ਸਾਲ ਭਰ ਦੇ ਰੁਜ਼ਗਾਰ ਗਾਰੰਟੀ ਕਰਨ, ਕੰਮ ਵਾਲੀ ਥਾਂ ਤੋਂ ਹੀ ਮਨਰੇਗਾ ਦੀ ਹਾਜ਼ਰੀ ਯਕੀਨੀ ਬਣਾਉਣ ਤੇ ਰਾਸ਼ਨ ਡਿੱਪੂਆਂ ਰਾਹੀਂ ਰਸੋਈ ਤੇ ਘਰੇਲੂ ਵਰਤੋਂ ਦੀਆਂ ਵਸਤਾਂ ਸਸਤੀਆਂ ਮੁਹੱਈਆ ਕਰਾਉਣ ਦੀ ਮੰਗ ਕੀਤੀ। ਇਸ ਮੌਕੇ ਸਿੰਘੇਵਾਲਾ ਵਿਖੇ ਪਟਾਕਾ ਫੈਕਟਰੀ ’ਚ ਧਮਾਕੇ ਕਾਰਨ ਮਾਰੇ ਗਏ ਮਜ਼ਦੂਰਾਂ ਦੇ ਪਰਿਾਵਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਅਤੇ ਇਸ ਘਟਨਾ ਦੀ ਜਾਂਚ ਕਰਵਾ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ।