ਮਸਲੇ ਹੱਲ ਨਾ ਹੋਣ ’ਤੇ ਪੈਨਸ਼ਨਰਾਂ ਵਿੱਚ ਰੋਸ
ਪੱਤਰ ਪ੍ਰੇਰਕ
ਦੋਰਾਹਾ, 5 ਮਈ
ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅਸਲ ਮੰਗਾਂ ਤੋਂ ਧਿਆਨ ਭਟਕਾਉਣ ਲਈ ਕੇਂਦਰ ਸਰਕਾਰ ਵੱਲੋਂ ਜਾਣਬੁੱਝ ਕੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾ ਕੇ ਪੰਜਾਬ ਤੇ ਹਰਿਆਣਾ ਦੇ ਲੋਕਾਂ ਵਿਚ ਕੁੜੱਤਣ ਪੈਦਾ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਪੰਜਾਬ ਅੰਦਰ ਆਮ ਲੋਕਾਂ ਦੀ ਸੁਰੱਖਿਆ ਪ੍ਰਤੀ ਪ੍ਰਸ਼ਾਸਨ ਦੀ ਅਣਦੇਖੀ ਕਰਨ, ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਪਖਾਨਿਆਂ, ਚਾਰਦੀਵਾਰੀਆਂ ਅਤੇ ਕਮਰਿਆਂ ਦੇ ਉਦਘਾਟਨਾਂ ’ਤੇ ਕਰੋੜਾਂ ਰੁਪਏ ਬਰਬਾਦ ਕਰਕੇ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਫੌਕੀ ਸ਼ੋਹਰਤ ਦੀ ਨਿੰਦਾ ਕੀਤੀ ਗਈ। ਗੁਰਦਿਆਲ ਦਲਾਲ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਜਨਵਰੀ 2016 ਤੋਂ ਜੂਨ 2021 ਤੱਕ ਦੇ ਬਕਾਏ ਦੀ ਇਕਮੁਸ਼ਤ ਅਦਾਇਗੀ ਕਰਨ, ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕਰਨ, ਡਾਕਟਰੀ ਇਲਾਜ ਕੈਸ਼ਲੈੰਸ ਸਕੀਮ ਮੁੜ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਦੀ ਅਦਾਇਗੀ ਕਰਨ ਅਤੇ ਹੋਰ ਮੰਗਾਂ ’ਤੇ ਵਿਚਾਰ ਕਰਨ ਲਈ ਸਬ ਕਮੇਟੀ ਨਾਲ ਮੀਟਿੰਗਾਂ ਦਾ ਸਿਲਸਿਲਾ ਇਕ ਵਾਰ ਮੁੜ ਠੰਡੇ ਬਸਤੇ ਪਾ ਦੇਣਾ ਕੋਝਾ ਮਜ਼ਾਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।