ਮਹਾਕੁੰਭ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਦਸੰਬਰ
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ 13 ਜਨਵਰੀ ਤੋਂ 26 ਫਰਵਰੀ ਤੱਕ ਲੱਗਣ ਵਾਲੇ ਮਹਾਂਕੁੰਭ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਨੰਦ ਗੋਪਾਲ ਗੁਪਤਾ (ਨੰਦੀ) ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਇਸ ਤੋਂ ਪਹਿਲਾਂ ਨੰਦੀ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੈਅ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਮਹਾਕੁੰਭ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਕੁੰਭ ਵਿੱਚ ਕਿਸੇ ਵਿਸ਼ੇਸ਼ ਧਰਮ ਦੇ ਲੋਕਾਂ ਦੇ ਦਾਖਲ ਹੋਣ ’ਤੇ ਕੋਈ ਰੋਕ ਨਹੀਂ ਲਗਾਈ ਗਈ ਹੈ। ਪ੍ਰਯਾਗਰਾਜ ਮਹਾਕੁੰਭ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮਹਾਕੁੰਭ ਵਿੱਚ 40 ਤੋਂ 45 ਕਰੋੜ ਲੋਕਾਂ ਦੇ ਆਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਵੇਖਦਿਆਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।