ਮਹਾਰਾਸ਼ਟਰ ਦੀ ਸਿੱਖ ਸੰਗਤ ਵੱਲੋਂ ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਮਾਰਚ
ਪੰਜਾਬ ਅਤੇ ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਦੀ ਸਿੱਖ ਸੰਗਤ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਸਬੰਧੀ ਫ਼ੈਸਲੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਸੁਪਰੀਮ ਕੌਂਸਲ ਆਫ ਨਵੀਂ ਮੁੰਬਈ ਗੁਰਦੁਆਰੇ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਸਮੂਹ ਸਿੱਖ ਸੰਗਤ ਨੇ ਸ਼੍ਰੋਮਣੀ ਕਮੇਟੀ ਤੋਂ ਜਥੇਦਾਰਾਂ ਨੂੰ ਹਟਾਉਣ ਤੇ ਨਵੀਂ ਨਿਯੁਕਤ ਸਬੰਧੀ ਲਏ ਫ਼ੈਸਲਿਆਂ ਨੂੰ ਵਾਪਸ ਲੈਣ ਅਤੇ ਹਟਾਏ ਗਏ ਜਥੇਦਾਰਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਦਮਦਮੀ ਟਕਸਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਪੰਥਕ ਇਕੱਠ ਵਿੱਚ ਪਾਸ ਕੀਤੇ ਮਤਿਆਂ ਦਾ ਸਮਰਥਨ ਕਰਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਥੇਦਾਰਾਂ ਦਾ ਸਤਿਕਾਰ ਬਹਾਲ ਨਾ ਕੀਤਾ ਗਿਆ ਤਾਂ 28 ਮਾਰਚ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਘਿਰਾਓ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰੀ ਕਮੇਟੀ ਮੈਂਬਰਾਂ ਨੂੰ 28 ਮਾਰਚ ਤੋਂ ਪਹਿਲਾਂ ਆਪਣੇ ਫ਼ੈਸਲੇ ਬਾਰੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁੰਬਈ ਗੁਰਦੁਆਰਿਆਂ ਦੀ ਸੁਪਰੀਮ ਕੌਂਸਲ ਨੇ ਜਥੇਦਾਰਾਂ ਨੂੰ ਹਟਾਉਣ ਤੇ ਨਿਯੁਕਤੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਫ਼ੈਸਲੇ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਉਨ੍ਹਾਂ ਭਾਈ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਅਤੇ ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਅਤੇ ਇਨ੍ਹਾਂ ਨਿਯੁਕਤੀਆਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।