ਐੱਸਐੱਸਪੀ ਦਫ਼ਤਰ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ
ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਪਰੈਲ
ਮਾਨਸਾ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪਿੰਡ ਅਕਲੀਆ ਵਿੱਚ ਕਿਸਾਨ ਆਗੂਆਂ ਵੱਲੋਂ ਮੁੱਖ ਮਾਰਗ ’ਤੇ ਲਾਏ ਜਾਮ ਨੂੰ ਲੈ ਕੇ ਪੁਲੀਸ ਵੱਲੋਂ ਦਰਜ ਕੀਤਾ ਮਾਮਲਾ ਰੱਦ ਕਰਵਾਉਣ ਲਈ ਧਰਨਾ ਦਿੱਤਾ। ਇਸ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ), ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਤੇ ਪਿੰਡ ਦੇ ਲੋਕਾਂ ਵੱਲੋਂ ਸਮੂਲੀਅਤ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡ ਅਕਲੀਆ ਵਿਚ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਹੋਈ ਮੌਤ ਨੂੰ ਲੈ ਕੇ ਪਿੰਡ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਕਿਸਾਨ ਆਗੂਆਂ ਦੇ ਸਹਿਯੋਗ ਨਾਲ ਮਾਨਸਾ-ਬਰਨਾਲਾ ਮੁੱਖ ਮਾਰਗ ’ਤੇ ਮਿ੍ਰਤਕ ਨੌਜਵਾਨ ਦੀ ਲਾਸ਼ ਰੱਖਕੇ ਜਾਮ ਲਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ 40 ਵਿਅਕਤੀਆਂ ਨੂੰ ਨਾਮਜ਼ਦ ਅਤੇ 35 ਅਣਪਛਾਤੇ ਲੋਕਾਂ ਖਿਲਾਫ਼ ਪਰਚਾ ਦਰਜ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਉਕਤ ਦਰਜ ਕੀਤੇ ਪਰਚੇ ਨੂੰ ਰੱਦ ਕੀਤਾ ਜਾਵੇ
ਕਿਸਾਨ ਆਗੂਆਂ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਸਮਝੌਤਾ ਕਰਨ ਉਪਰੰਤ 2 ਲੱਖ ਰੁਪਏ ਮੁਆਵਜ਼ਾ ਅਤੇ ਮਿ੍ਰਤਕ ਨੌਜ਼ਵਾਨ ਦੀ ਭੈਣੀ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ, ਪ੍ਰੰਤੂ ਉਹ ਵਾਅਦਾ ਅੱਜ ਤੱਕ ਵਫ਼ਾ ਨਹੀਂ ਹੋਇਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਰਾਜ ਸਿੰਘ ਅਕਲੀਆ ਤੇ ਲਖਵੀਰ ਸਿੰਘ ਨੇ ਵੀ ਸੰਬੋਧਨ ਕੀਤਾ।