ਮਾਨਸਾ ’ਚ ਸੀਵਰੇਜ ਦੀ ਸਮੱਸਿਆ ਦੇ ਪੱਕੇ ਹੱਲ ਲਈ ਡਟੇ ਲੋਕ
ਜੋਗਿੰਦਰ ਸਿੰਘ ਮਾਨ
ਮਾਨਸਾ, 12 ਦਸੰਬਰ
ਮਾਨਸਾ ਸ਼ਹਿਰ ਦੇ ਸੀਵਰੇਜ ਸਿਸਟਮ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਖਿਲਾਫ਼ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੇਵਾ ਸਿੰਘ ਠੀਕਰੀਵਾਲਾ ਚੌਕ ਮਾਨਸਾ ਵਿੱਚਚੱਲ ਰਿਹਾ ਰੋਸ ਧਰਨਾ ਅੱਜ 46ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਦੀ ਅਗਵਾਈ ਸੀਪੀਆਈ ਪਾਰਟੀ ਦੇ ਵਰਕਰਾਂ ਵੱਲੋਂ ਕੀਤੀ ਗਈ।
ਸੀਪੀਆਈ ਦੇ ਆਗੂ ਰਤਨ ਭੋਲਾ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਇਸ ਸੀਵਰੇਜ ਦੀ ਸਮੱਸਿਆ ਨਾ ਜੂਝ ਰਹੇ ਹਨ, ਪ੍ਰੰਤੂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਨਹੀਂ ਦਿਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਰੋਡ ਸ਼ੋਅ ਦੌਰਾਨ ਸ਼ਹਿਰ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਛੇਤੀ ਹੀ ਉਹ ਇਸ ਦਾ ਪੱਕਾ ਹੱਲ ਕਰਨਗੇ, ਪ੍ਰੰਤੂ ਇਹ ਮੁੱਖ ਮੰਤਰੀ ਦਾ ਬਿਆਨ ਹਵਾਈ ਤੀਰ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਭਿਆਨਕ ਬਿਮਾਰੀਆਂ ਚਿੰਬੜਨ ਦਾ ਡਰ ਬਣਿਆ ਹੈ।
ਕਮਿਊਨਿਸਟ ਆਗੂ ਰੂਪ ਸਿੰਘ ਢਿੱਲੋਂ ਨੇ ਕਿਹਾ ਕਿ ਸੀਵਰੇਜ ਕਰ ਕੇ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਸਲ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਸਿਵਾਏ ਭਰੋਸਿਆਂ ਤੋਂ ਕੁਝ ਵੀ ਪੱਲੇ ਨਹੀਂ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਸਲੇ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖੇ ਅੰਦੋਲਨ ਲਈ ਮਜਬੂਰ ਹੋਣਗੇ।