ਮਾਨੂੰਪੁਰ ’ਚ ਡੇਂਗੂ ਸਬੰਧੀ ਜਾਗਰੂਕਤਾ ਕੈਂਪ
ਨਿੱਜੀ ਪੱਤਰ ਪ੍ਰੇਰਕ
ਖੰਨਾ, 16 ਮਈ
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐਸਐਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠਾ ਕੌਮੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਤਿਆਜੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਡੇਂਗੂ ਮਾਦਾ ਏਡੀਜ਼ ਅਜੈਪਿਟੀ ਨਾਂ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ਜੋ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖੇ ਜਾਣ, ਸੌਣ ਸਮੇਂ ਮੱਛਰਦਾਨੀਆਂ ਅਤੇ ਮੱਛਰ ਭਜਾਓ ਯੰਤਰਾਂ ਦੀ ਵਰਤੋਂ ਕੀਤੀ ਜਾਵੇ।
ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਅਤੇ ਜਗਦੀਪ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਦੇ ਤੌਰ ਤੇ ਮਨਾਉਂਦਾ ਹੈ ਇਸ ਦਿਨ ਹਰ ਪਰਿਵਾਰ ਆਪਣੇ ਕੂਲਰਾਂ, ਫਰਿੱਜ਼ਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ਼ ਕਰਕੇ ਰੱਖਣ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਵਗਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਜਾ ਕੇ ਇਲਾਜ ਕਰਵਾਇਆ ਜਾਵੇ। ਇਸ ਮੌਕੇ ਸਰਬਜੀਤ ਕੌਰ, ਰੁਪਿੰਦਰ ਕੌਰ, ਸਤਵੀਰ ਕੌਰ, ਸੀਮਾ ਰਾਣੀ ਤੇ ਹੋਰ ਹਾਜ਼ਰ ਸਨ।