ਮਾਪਿਆਂ ਨੂੰ ਵਿਦਿਆਰਥੀਆਂ ’ਤੇ ਦਬਾਅ ਨਾ ਬਣਾਉਣ ਦੀ ਅਪੀਲ
ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇੰਜਨੀਅਰਿੰਗ ਤੇ ਮੈਡੀਕਲ ਸਣੇ ਵੱਖ-ਵੱਖ ਵਿਸ਼ਿਆਂ ਦੀ ਚੋਣ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਬੱਚਿਆਂ ’ਤੇ ਮਾਨਸਿਕ ਦਬਾਅ ਬਣਾਉਣ ਦੀ ਥਾਂ ’ਤੇ ਉਨ੍ਹਾਂ ਦੇ ਮਨਪਸੰਦ ਦੇ ਵਿਸ਼ੇ ਲੈ ਕੇ ਦੇਣ ਨੂੰ ਤਰਜੀਹ ਦੇਣ ਤਾਂ ਜੋ ਵਿਦਿਆਰਥੀ ਖੁਦਕੁਸ਼ੀਆਂ ਦੇ ਰੁਝਾਨ ਤੋਂ ਟਾਲਾ ਵੱਟਣ।
ਇਥੇ ਸ੍ਰੀ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਵਿੱਚ ਇਹ ਖਬਰਾਂ ਵੇਖ ਕੇ ਬਹੁਤ ਦੁੱਖ ਹੋਇਆ ਕਿ ਮਾਪਿਆਂ ਦੇ ਦਬਾਅ ਕਾਰਨ ਨੀਟ ਅਤੇ ਜੇਈਈ ਵਰਗੀਆਂ ਪ੍ਰੀਖਿਆਵਾਂ ਵਿਚ ਰੈਂਕ ਹਾਸਲ ਕਰਨ ਦੀ ਦੌੜ ਵਿਚ ਸਫਲ ਨਾ ਹੋਣ ’ਤੇ ਵਿਦਿਆਰਥੀ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵੀ ਕਿਸ ਕੰਮ ਦੀਆਂ ਜਿਸ ਦੇ ਡਰੋਂ ਸਾਡੇ ਬੱਚੇ ਖ਼ੁਦਕੁਸ਼ੀਆਂ ਦੇ ਰਾਹ ਪੈਣ। ਉਨ੍ਹਾਂ ਕਿਹਾ ਕਿ ਇਸ ਨਾਲੋਂ ਤਾਂ ਮਾਪਿਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੇ ਮਨਪਸੰਦ ਦੇ ਵਿਸ਼ਿਆਂ ਵਿਚ ਉਨ੍ਹਾਂ ਨੂੰ ਪੜ੍ਹਾਈ ਕਰਵਾਉਣ ਤਾਂ ਜੋ ਵਿਦਿਆਰਥੀ ਆਪਣੀ ਮਨਮਰਜ਼ੀ ਮੁਤਾਬਕ ਤਰੱਕੀ ਵੀ ਕਰ ਸਕਣ, ਆਪਣੀ ਜ਼ਿੰਦਗੀ ਦਾ ਆਨੰਦ ਵੀ ਮਾਣ ਸਕਣ ਅਤੇ ਕਿਸੇ ਵੀ ਦਬਾਅ ਤੋਂ ਵੀ ਮੁਕਤ ਰਹਿਣ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰੀਕੇ ਦੇ ਦਬਾਅ ਹੇਠ ਨਾ ਆਉਣ। ਉਹ ਆਪਣੇ ਜੀਵਨ ਦੇ ਟੀਚੇ ਮੁਤਾਬਕ ਕੰਮ ਕਰਨ ਅਤੇ ਖੁਦਕੁਸ਼ੀਆਂ ਦੇ ਰਾਹ ਤੋਂ ਬਚ ਕੇ ਜੀਵਨ ਵਿਚ ਤਰੱਕੀ ਤੇ ਖੁਸ਼ਹਾਲੀ ਦੇ ਰਸਤੇ ਪੈਣ।