ਮਾਲਵੇ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਨੀਟ ਦੀ ਪ੍ਰੀਖਿਆ
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 4 ਮਈ
ਇੱਥੇ ਦੋ ਪ੍ਰੀਖਿਆ ਕੇਂਦਰਾਂ ਵਿੱਚ ਨੀਟ ਦੀ ਪ੍ਰੀਖਿਆ ਲਈ ਗਈ ਜਿਸ ਵਿੱਚ ਮਾਲਵਾ ਖ਼ੇਤਰ ਦੇ ਜ਼ਿਲ੍ਹਿਆਂ ਦੇ 1000 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੀਖਿਆ ਲਈ ਮਹਿੰਦਰ ਬਰਾੜ ਸਾਂਭੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਛਾਉਣੀ ਦੇ ਸਰਕਾਰੀ ਸਕੂਲ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਣ ਅਤੇ ਪਾਰਦਰਸ਼ੀ ਪ੍ਰੀਖਿਆ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 300 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਆਵਾਜਾਈ ਵੀ ਬੰਦ ਰੱਖੀ ਗਈ ਸੀ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ। ਮਾਲਵੇ ਦੇ ਅੱਧੀ ਦਰਜਨ ਜ਼ਿਲ੍ਹਿਆਂ ’ਚੋਂ ਪੁੱਜੇ 1000 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਹਿੱਸਾ ਲਿਆ ਅਤੇ ਪੂਰੀ ਪ੍ਰੀਖਿਆ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਪੂਰੀ ਪ੍ਰੀਖਿਆ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਯੋਗ ਵਸਤੂ ਪ੍ਰੀਖਿਆ ਕੇਂਦਰਾਂ ਵਿੱਚ ਨਹੀਂ ਜਾਣ ਦਿੱਤੀ ਅਤੇ ਪੇਪਰ ਲੀਕ ਜਾਂ ਨਕਲ ਵਰਗੇ ਮੁੱਦਿਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ, ਇਸ ਕਰਕੇ ਕਿਸੇ ਵੀ ਪ੍ਰੀਖਿਆ ਕੇਂਦਰ ਵਿੱਚੋਂ ਕੋਈ ਵੀ ਸ਼ਿਕਾਇਤ ਨਹੀਂ ਆਈ। ਉਹਨਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਪਾਰਦਰਸ਼ੀ ਤਰੀਕੇ ਨਾਲ ਇਹ ਪ੍ਰੀਖਿਆ ਮੁਕੰਮਲ ਹੋ ਸਕੇ।