ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਸ਼ੁਰੂ ਕਰ ਦਿੱਤਾ ਜਾਵੇਗਾ: ਬਲਬੀਰ
ਮਾਲੇਰਕੋਟਲਾ, 14 ਅਪਰੈਲ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ-ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦਾ ਉਸਾਰੀ ਕਾਰਜ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿੱਚ ਵੱਖ ਵੱਖ ਗ਼ੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗ਼ਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ ਦੋ ਮਹੀਨੇ ਵਿੱਚ ਉਸਾਰੀ ਕਾਰਜ ਸ਼ੁਰੂ ਹੋ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਹਸਪਤਾਲ ਬਣਨ ਨਾਲ ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 20 ਡਾਕਟਰ ਤਾਇਨਾਤ ਕੀਤੇ ਹਨ ਅਤੇ ਜ਼ਿਲ੍ਹਾ ਹਸਪਤਾਲ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਜਲਦੀ ਪੰਜ ਮੋਬਾਈਲ ਮੈਡੀਕਲ ਯੂਨਿਟ (ਐਂਬੂਲੈਂਸ) ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਗ਼ੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਮੁੜ ਪੈਰਾਂ ’ਤੇ ਕੀਤਾ ਜਾਵੇਗਾ।
ਉਨ੍ਹਾਂ ਗ਼ੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਲੇਰਕੋਟਲਾ ਵਿੱਚ ਇੱਕ ਉੱਚ ਪੱਧਰੀ ਨਸ਼ਾ ਛੁਡਾਊ ਕੇਂਦਰ-ਕਮ-ਮੁੜ ਵਸੇਬਾ ਕੇਂਦਰ ਨੂੰ ਚਲਾਉਣ ਲਈ ਸਹਿਯੋਗ ਦੇਣ ਲਈ ਅੱਗੇ ਆਉਣ। ਇਹ ਕੇਂਦਰ ਖੋਲ੍ਹਣ ਲਈ ਉਨ੍ਹਾਂ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੂੰ ਢੁੱਕਵੀਂ ਜਗ੍ਹਾ ਲੱਭਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਮੈਡੀਕਲ ਕਾਲਜ ਅਤੇ ਹਸਪਤਾਲ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜ਼ਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ, ਮਾਰਕੀਟ ਕਮੇਟੀ ਚੇਅਰਮੈਨ ਜਾਫਰ ਅਲੀ, ਮਾਰਕੀਟ ਕਮੇਟੀ ਸੰਦ ੜ ਦੇ ਚੇਅਰਮੈਨ ਕਰਮਜੀਤ ਸਿੰਘ ਕੁਠਾਲਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐੱਸਡੀਐੱਮ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਫਰਿਹਾਲ ਰਹਿਮਾਨ ਪਤਨੀ ਵਿਧਾਇਕ ਮਾਲੇਰਕੋਟਲਾ ਅਤੇ ਹਲੀਮ ਹਾਜ਼ਰ ਸਨ।