ਮੀਂਹ ਕਾਰਨ ਮੰਡੀਆਂ ਵਿੱਚ ਕਣਕ ਦੀਆਂ ਭਰੀਆਂ ਬੋਰੀਆਂ ਭਿੱਜੀਆਂ
ਹਤਿੰਦਰ ਮਹਿਤਾ
ਜਲੰਧਰ, 2 ਮਈ
ਤੇਜ਼ ਹਨੇਰੀ ਅਤੇ ਮੀਂਹ ਕਾਰਨ ਬੀਤੀ ਦੇਰ ਰਾਤ ਦਾਣਾ ਮੰਡੀ ਵਿੱਚ ਲਿਫਟਿੰਗ ਲਈ ਪਈਆਂ ਕਣਕ ਦੀਆਂ ਬੋਰੀਆਂ ਮੀਂਹ ਦੇ ਪਾਣੀ ਵਿੱਚ ਡੁੱਬ ਗਈਆਂ। ਜਲੰਧਰ, ਆਦਮਪੁਰ, ਮਹਿਤਪੁਰ, ਨਕੋਦਰ ਸਣੇ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਕਣਕ ਭਿੱਜ ਗਈ, ਜਿਸ ਕਾਰਨ ਕਮਿਸ਼ਨ ਏਜੰਟਾਂ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮੰਡੀ ਬੋਰਡ ਦੇ ਚੇਅਰਮੈਨ ਸੰਜੀਵ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੀਜ਼ਨ ਤੋਂ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਸਫ਼ਾਈ, ਪਾਣੀ ਅਤੇ ਬਿਜਲੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 80 ਤੋਂ 85 ਪ੍ਰਤੀਸ਼ਤ ਕਣਕ ਆਈ ਹੈ। ਬਰਸਾਤ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ, ਕਮਿਸ਼ਨ ਏਜੰਟਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਕਿਸੇ ਵੀ ਕਿਸਾਨ ਦੀ ਕਣਕ ਮੰਡੀ ਵਿੱਚ ਆਉਂਦੀ ਹੈ ਤਾਂ ਕਿਸੇ ਵੀ ਕਿਸਾਨ ਦੀ ਕਣਕ ਨੂੰ ਮੀਂਹ ਕਾਰਨ ਨੁਕਸਾਨ ਨਹੀਂ ਹੋਣਾ ਚਾਹੀਦਾ। ਅਜਿਹੀ ਸਥਿਤੀ ਵਿੱਚ, ਮੰਡੀਆਂ ਵਿੱਚ ਬੋਰੀਆਂ ’ਚ ਪੈਕ ਕੀਤੀ ਕਣਕ ਦੇ ਭੰਡਾਰਨ ਲਈ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੀਂਹ ਦੇ ਪਾਣੀ ਵਿੱਚ ਡੁੱਬੀਆਂ ਕਣਕ ਦੀਆਂ ਬੋਰੀਆਂ ਬਾਰੇ ਚੇਅਰਮੈਨ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਦੇ ਧਿਆਨ ’ਚ ਅਜਿਹਾ ਕੋਈ ਮਾਮਲਾ ਨਹੀਂ ਆਇਆ ਹੈ। ਜੇ ਅਜਿਹਾ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਭੰਡਾਰਨ ਲਈ ਕਮਿਸ਼ਨ ਏਜੰਟਾਂ ਨੂੰ ਕਣਕ ਦੀਆਂ ਬੋਰੀਆਂ ਨੂੰ ਤਰਪਾਲ ਨਾਲ ਢੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮੰਡੀਆਂ ’ਚ ਪਈ ਕਣਕ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਿਰਫ਼ 15 ਤੋਂ 20 ਪ੍ਰਤੀਸ਼ਤ ਆਮਦ ਹਾਲੇ ਬਾਕੀ ਹੈ ਅਤੇ ਉਹ ਵੀ ਜਲਦੀ ਹੀ ਪੂਰੀ ਹੋ ਜਾਵੇਗੀ।