ਸਰਬਜੀਤ ਸਿੰਘ ਭੰਗੂਪਟਿਆਲਾ, 1 ਜਨਵਰੀਬਿਜਲੀ ਵਿਭਾਗ ਦੀ ਮੀਟਰ ਰੀਡਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਯੂਨੀਅਨ ਦੇ ਸੂਬਾਈ ਪ੍ਰਧਾਨ ਜਤਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਅੱਜ ਨਵੇਂ ਸਾਲ ਦੇ ਪਹਿਲੇ ਹੀ ਦਿਨ ਪਾਵਰਕੌਮ ਦੇ ਇਥੇ ਸਥਿਤ ਮੁੱਖ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਦੌਰਾਨ ਪਾਵਰਕੌਮ ਦਫਤਰ ਦਾ ਮੁੱਖ ਗੇਟ ਵੀ ਸੁਰੱਖਿਆ ਪ੍ਰਬੰਧਾਂ ਵਜੋਂ ਪੁਲੀਸ ਨੂੰ ਬੰਦ ਰੱਖਣਾ ਪਿਆ। ਉਂਜ ਇਸ ਤੋਂ ਪਹਿਲਾਂ ਯੂਨੀਅਨ ਮੈਂਬਰ ਗੁਰਦੁਆਰਾ ਦੁੂਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਪੁੱਡਾ ਗਰਾਊਂਡ ਵਿੱਚ ਇਕੱਠੇ ਹੋਏ ਤੇ ਉਥੋਂ ਮਾਰਚ ਕਰਦੇ ਹੋਏ ਉਹ ਖੰਡਾ ਚੌਕ ਰਾਹੀਂ ਪਾਵਰਕੌਸ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਗੇਟ ਮੂਹਰੇ ਧਰਨਾ ਲਾ ਕੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਨਾ ਮੰਨਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮਗਰੋਂ ਕੁਝ ਦੇਰ ਬਾਅਦ ਯੂਨੀਅਨ ਆਗੂਆਂ ਦੀ ਰਣਬੀਰ ਸਿੰਘ ਮੈਨੇਜਰ (ਆਈ.ਆਰ.ਪੀ.ਐਸ.ਪੀ.ਸੀ.ਐਲ) ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਉਨ੍ਹਾਂ ਨੂੰ ਮੰਗਾਂ ਸਬੰਧੀ ਜਲਦੀ ਕੋਈ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ’ਤੇ ਸਹਿਮਤੀ ਪ੍ਰਗਟਾਉਂਦਿਆਂ ਧਰਨਾ ਸਮਾਪਤ ਕਰ ਦਿੱਤਾ। ਇਨ੍ਹਾਂ ਮੰਗਾਂ ’ਚ ਵਰਕਰਾਂ ਦੀ ਤਨਖਾਹ ਵਿੱਚ ਵਾਧਾ, ਕੰਟਰੈਕਟ/ਆਊਟਸੋਰਸਿੰਗ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਵਿਭਾਗ ਦਾ ਨਿੱਜੀਕਰਨ ਨਾ ਕੀਤਾ ਜਾਣਾ ਆਦਿ ਸ਼ਾਮਲ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਟਾਲ-ਮਟੋਲ ਵਾਲੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।