ਮੀਤ ਹੇਅਰ ਵੱਲੋਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਦੀ ਹਦਾਇਤ
ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਪਰੈਲ
ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਤਹਿਤ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੌਨੀਟਰਿੰਗ (ਦਿਸ਼ਾ) ਕਮੇਟੀ ਦੀ ਪ੍ਰਧਾਨਗੀ ਕੀਤੀ ਗਈ। ਮੀਟਿੰਗ ਦੌਰਾਨ ਮੀਤ ਹੇਅਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਐਮ.ਪੀ. ਨੇ ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਨੈਸ਼ਨਲ ਹਾਈਵੇਜ਼, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ ਅਤੇ ਇੰਡਸਟਰੀ ਵਿਭਾਗ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੀ ਸਹੀ ਢੰਗ ਨਾਲ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ, ਸਕੀਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਕਿਸੇ ਵੀ ਕੰਮ ਲਈ ਕੀਤੀ ਗਈ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਕੋਈ ਢਿੱਲ ਮੱਠ ਵਰਤੀ ਗਈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ। ਮੀਟਿੰਗ ’ਚ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਏਡੀਸੀ ਵਿਕਾਸ ਸੁਖਚੈਨ ਸਿੰਘ ਪਾਪੜਾ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਧੂਰੀ ਰਿਸ਼ਬ ਗਰਗ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਕਰਮਜੀਤ ਸਿੰਘ ਮੌਜੂਦ ਸਨ।