ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ‘ਨੂਰ ਏ ਪੰਜਾਬੀ’ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੋਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।
ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਬਣੀ ਕਮੇਟੀ ਦੇ ਹਰਦਿੱਤ ਸਿੰਘ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਸ ਤਰੀਕੇ ਦੇ ਉਪਰਾਲੇ ਕਦੇ ਨਹੀਂ ਕੀਤੇ ਗਏ ਜੋ ਹੁਣ ਹਰਦਿੱਤ ਸਿੰਘ ਤੇ ਰਾਜਿੰਦਰ ਸਿੰਘ ਵਿਰਾਸਤ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜੋ ਪ੍ਰਦਰਸ਼ਨੀ ਇਥੇ ਲਗਾਈ ਗਈ, ਉਸ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਵੱਲੋਂ ਕੀਤੇ ਅਣਥੱਕ ਯਤਨਾਂ ਦੀ ਵੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪਿਛਲੇ ਦੋ ਸਾਲਾਂ ਤੋਂ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਪੰਜਾਬੀ ਮਾਂ ਬੋਲੀ ’ਤੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।