ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕੀਆਂ
ਜਗਜੀਤ ਸਿੰਘ
ਮੁਕੇਰੀਆਂ, 28 ਮਾਰਚ
ਪੰਜਾਬ ਸਰਕਾਰ ਦੇ ਬਜਟ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਬਕਾਇਆ ਡੀਏ ਦਾ ਵਾਅਦਾ ਵਫ਼ਾ ਨਾ ਹੋਣ ਖਿਲਾਫ਼ ਪੰਜਾਬ-ਯੂਟੀ ਮੁਲਾਜ਼ਮ ਅਤੇ ਸਾਂਝਾ ਫਰੰਟ ਦੇ ਆਗੂਆਂ ਨਰਿੰਦਰ ਗੋਲੀ, ਕੁੰਵਰ ਰਾਕੇਸ਼, ਰਜਤ ਮਹਾਜਨ ਅਤੇ ਸਤੀਸ਼ ਕੁਮਾਰ ਦੀ ਅਗਵਾਈ ਹੇਠ ਅੱਜ ਮਾਤਾ ਰਾਣੀ ਚੌਕ ਵਿੱਚ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਤੋਂ ਪਹਿਲਾਂ ਸਥਾਨਕ ਰੈਸਟ ਹਾਊਸ ਵਿੱਚ ਹੋਈ ਇਕੱਤਰਤਾ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਬਜਟ ਵਿੱਚ ਨਾ ਤਾਂ ਪੈਨਸ਼ਨਰਾਂ ਦੇ ਬਕਾਏ ਦਾ ਕੋਈ ਜ਼ਿਕਰ ਕੀਤਾ ਅਤੇ ਨਾ ਹੀ ਡੀਏ ਦੇਣ ਬਾਰੇ ਕੁੱਝ ਸਪੱਸ਼ਟ ਕੀਤਾ ਹੈ। ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਵੀ ਬਹਾਲ ਨਹੀਂ ਕੀਤੀ ਗਈ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਦਿੱਤਾ ਗਿਆ ਹੈ। ਇਹ ਬਜਟ ਪੰਜਾਬ ਸਰਕਾਰ ਵੱਲੋਂ ਅੱਜ ਤੱਕ ਪੇਸ਼ ਕੀਤੇ ਗਏ ਬਜਟਾਂ ਦੇ ਇਤਿਹਾਸ ਦਾ ਸਭ ਤੋਂ ਮਾੜਾ ਬਜਟ ਹੈ, ਜਿਸ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਮਨਜੀਤ ਸਿੰਘ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਾਜੇਸ਼ ਕੁਮਾਰ, ਸੰਦੀਪ ਕੌਸ਼ਲ, ਅਨਿਲ ਕੁਮਾਰ, ਹਰਿੰਦਰ ਸਿੰਘ, ਅਮਰਦੀਪ ਸਿੰਘ, ਸੁਰੇਸ਼ ਲੋਹਗੜ੍ਹ, ਕਮਲਜੀਤ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ, ਪ੍ਰਮੋਦ ਸਿੰਘ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਹਾਜ਼ਰ ਸਨ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅੱਖੋਂ ਪਰੋਖੇ ਕਰਨ ਦੇ ਦੋਸ਼
ਤਲਵਾੜਾ (ਦੀਪਕ ਠਾਕੁਰ): ਇੱਥੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਪਸਸਫ਼) ਇਕਾਈ ਤਲਵਾੜਾ ਵੱਲੋਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੀ ਅਗਵਾਈ ਪਸਸਫ਼ ਆਗੂ ਰਾਜੀਵ ਸ਼ਰਮਾ, ਜਸਵੀਰ ਤਲਵਾੜਾ, ਵਰਿੰਦਰ ਵਿੱਕੀ, ਪੰਕਜ ਸੋਨੀ ਤੇ ਵਿਕਾਸ ਚੌਧਰੀ ਨੇ ਕੀਤੀ। ਸਥਾਨਕ ਤਹਿਸੀਲ ਕੰਪਲੈਕਸ ਮੂਹਰੇ ਕੀਤੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਬਜਟ ਨੂੰ ਦਿਸ਼ਾਹੀਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰ ਵਿਰੋਧੀ ਦਸਿਆ। ‘ਆਪ’ ਸਰਕਾਰ ’ਤੇ ਲਗਾਤਾਰ ਚੌਥੇ ਬਜ਼ਟ ’ਚ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਅੱਖੋਂ ਪਰੋਖੇ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਮਿਲਾਪ ਚੰਦ, ਦਿਲਦਾਰ ਸਿੰਘ, ਵਿਨੈ ਕੁਮਾਰ, ਅਕਸ਼ੈ ਕੁਮਾਰ, ਅਮਰੀਕ ਸਿੰਘ ਤੇ ਹੋਰ ਹਾਜ਼ਰ ਸਨ।