ਮੁਲਾਜ਼ਮਾਂ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਭੇਜਿਆ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 16 ਅਪਰੈਲ
ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਸਿਹਤ ਕਰਮੀਆਂ ਦੀਆਂ ਮੰਗਾਂ ਸਬੰਧੀ ਸਿਵਲ ਸਰਜਨ ਮਾਲੇਰਕੋਟਲਾ ਰਾਹੀਂ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਮੰਗ ਪੱਤਰ ਭੇਜਿਆ ਗਿਆ। ਯੂਨੀਅਨ ਦੇ ਸੂਬਾਈ ਆਗੂ ਗੁਲਜ਼ਾਰ ਖ਼ਾਨ, ਜਗਤਾਰ ਸਿੰਘ ਅਤੇ ਰਾਜੇਸ਼ ਰਿਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਵਾਜਬ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਸਿਹਤ ਮੁਲਾਜ਼ਮਾਂ ਵਿੱਚ ਰੋਸ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਪੀਐੱਚਸੀ ਅਤੇ ਐੱਨਐੱਚਐੱਮ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇ, ਪੰਜਾਬ ਸਕੇਲ ਲਾਗੂ ਕੀਤਾ ਜਾਵੇ ਤੇ ਜ਼ਿਲ੍ਹਾ ਪਰਿਸ਼ਦ ਤੋਂ ਸਿਹਤ ਵਿਭਾਗ ਵਿਚ ਤਬਦੀਲ ਹੋਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਸਿਹਤ ਵਿਭਾਗ ਵਿਚ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਮੂਹ ਸਿਹਤ ਮੁਲਾਜ਼ਮਾਂ ‘ਤੇ ਛੇਵੇਂ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਇਸ ਮੌਕੇ ਬਲਵਿੰਦਰ ਸਿੰਘ, ਬੀਈਈ ਰਣਵੀਰ ਸਿੰਘ ਢੰਡੇ, ਗੁਰਪ੍ਰੀਤ ਸਿੰਘ ਵਾਲੀਆ ਤੇ ਨਜ਼ੀਰ ਮੁਹੰਮਦ ਆਦਿ ਹਾਜ਼ਰ ਸਨ।