ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਵਿਰੁੱਧ ਸ਼ਿਕੰਜਾ ਕੱਸਿਆ

05:07 AM Dec 27, 2024 IST
ਜੇਸੀਬੀ ਦੀ ਮਦਦ ਨਾਲ ਨਾਜਾਇਜ਼ ਉਸਾਰੀ ਢਾਹੁੰਦੇ ਹੋਏ ਕਰਮਚਾਰੀ। -ਫੋਟੋ: ਪ੍ਰਦੀਪ ਤਿਵਾੜੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 26 ਦਸੰਬਰ
ਇੱਥੋਂ ਦੇ ਇਤਿਹਾਸਕ ਪਿੰਡ ਸੋਹਾਣਾ ਬਹੁ-ਮੰਜ਼ਿਲਾ ਜਿਮ ਢਹਿ-ਢੇਰੀ ਹੋਣ ਦੀ ਘਟਨਾ ਤੋਂ ਬਾਅਦ ਮੁਹਾਲੀ ਪ੍ਰਸ਼ਾਸਨ ਨੇ ਗੂੜੀ ਨੀਂਦ ਤੋਂ ਜਾਗਦਿਆਂ ਉੱਚੀਆਂ ਇਮਾਰਤਾਂ ਅਤੇ ਗੈਰ-ਪ੍ਰਵਾਨਿਤ ਉਸਾਰੀਆਂ ਖ਼ਿਲਾਫ਼ ਵਿਆਪਕ ਮੁਹਿੰਮ ਵਿੱਢੀ ਗਈ।
ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਦੀ ਅਗਵਾਈ ਹੇਠ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਿਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲਾਨਿੰਗ ਅਫ਼ਸਰਾਂ/ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ। ਨਿਗਮ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਪਿੰਡ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ ਮਨਜ਼ੂਰੀ ਤੋਂ ਕੀਤੀਆਂ ਜਾ ਰਹੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਖਾਸ ਕਰਕੇ ਬਿਲਡਿੰਗ ਇੰਸਪੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਸਨਿੱਚਰਵਾਰ, ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਅਧੀਨ ਆਉਂਦੇ ਇਲਾਕਿਆਂ ਵਿੱਚ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਕਮਿਸ਼ਨਰ ਨੇ ਅਧਿਕਾਰੀਆਂ/ਦਫ਼ਤਰੀ ਸਟਾਫ਼ ਨੂੰ ਹਦਾਇਤ ਕੀਤੀ ਕਿ ਬਿਨਾਂ ਪ੍ਰਵਾਨਗੀ ਤੋਂ ਕੋਈ ਉਸਾਰੀ ਨਾ ਹੋਣ ਦਿੱਤੀ ਜਾਵੇ ਅਤੇ ਕਿਸੇ ਵੀ ਗੈਰ-ਕਾਨੂੰਨੀ ਉਸਾਰੀ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਅਣਗਹਿਲੀ ਅਤੇ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਬਹੁਮੰਜ਼ਿਲਾ ਇਮਾਰਤਾਂ ਅਤੇ ਉਸਾਰੀ ਅਧੀਨ ਇਮਾਰਤਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਸਬੰਧਤ ਜਾਇਦਾਦ ਦੇ ਮਾਲਕਾਂ ਅਤੇ ਉਸਾਰੀ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਸਾਰੀ ਦਾ ਕੰਮ ਨਿਯਮਾਂ ਮੁਤਾਬਕ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਪਿੰਡ ਸੋਹਾਣਾ ਵਿੱਚ ਬਹੁਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਹਰੇਕ ਇਮਾਰਤ ਦੀ ਉਸਾਰੀ ਨਿਯਮਾਂ ਅਨੁਸਾਰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।

Advertisement

Advertisement