ਮੁਹੱਲਾ ਕਲੀਨਿਕਾਂ ’ਚ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਪ੍ਰਦਰਸ਼ਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਆਮ ਆਦਮੀ ਪਾਰਟੀ ਦੀ ਸਿਹਤ ਨਾਲ ਸਬੰਧਿਤ ਯੋਜਨਾ ਮੁਹੱਲਾ ਕਲੀਨਿਕਾਂ ਦੇ ਅਮਲੇ ਵੱਲੋਂ ਅੱਜ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਘਰ ਦਾ ਘਿਰਾਓ ਕਰਦਿਆਂ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ ਤੇ ਉਨ੍ਹਾਂ ਨੂੰ ਨੌਕਰੀ ਤੋਂ ਨਾ ਹਟਾਇਆ ਜਾਵੇ। ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦਾ ਨਾਂ ਬਦਲ ਕੇ ‘ਅਰੋਗਿਆ ਮੰਦਰ’ ਕੀਤੇ ਜਾਣ ਮਗਰੋਂ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਦੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ ਅੰਦਰ ਆਪਣੀਆਂ ਨੌਕਰੀਆਂ ਲਈ ਡਰ ਪਾਇਆ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਨੇ ਅੱਜ ਪ੍ਰਦਰਸ਼ਨ ਕੀਤਾ। ਇਨ੍ਹਾਂ ਕਲੀਨਿਕਾਂ ਦੇ ਇੱਕ ਵਫਦ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਬਾਅਦ ਵਿੱਚ ਮੁਲਾਕਾਤ ਵੀ ਕੀਤੀ। ਮੁਲਾਕਾਤ ਮਗਰੋਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਪ੍ਰਤੀ ਹਮਦਰਦੀ ਦਿਖਾਈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਨਵੀਂ ਭਰਤੀ ਵਿੱਚ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਦਿੱਲੀ ਸਰਕਾਰ ਨੇ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਨ ਵਾਲੇ 431 ਡਾਕਟਰਾਂ ਦਾ ਇੱਕ ਸਾਲ ਦਾ ਕੰਟਰੈਕਟ ਵਧਾ ਦਿੱਤਾ ਗਿਆ ਹੈ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਕੰਮ ਕਰਨ ਵਾਲਿਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਕਿਉਂਕਿ ਜੇ ਉਨ੍ਹਾਂ ਦਾ ਠੇਕਾ ਨਾ ਵਧਾਇਆ ਗਿਆ ਤਾਂ ਉਨ੍ਹਾਂ ਲਈ ਪਰਿਵਾਰ ਪਾਲਣੇ ਔਖੇ ਹੋ ਜਾਣਗੇ।