ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੰਡੀਆਂ ਵੱਲੋਂ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

06:28 AM Mar 18, 2025 IST
ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।

ਜਸਬੀਰ ਸਿੰਘ ਚਾਨਾ
ਕਪੂਰਥਲਾ, 17 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਣਅਧਿਕਾਰਤ ਕਲੋਨੀਆਂ ਬਣਾਏ ਜਾਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ਼ ’ਤੇ ਮਾਡਲ ਸਬ ਰਜਿਸਟਰਾਰ ਦਫ਼ਤਰ ਸਥਾਪਿਤ ਕਰਨ ਦੀ ਯੋਜਨਾ ਉਲੀਕੀ ਗਈ ਹੈ ਜਿਸ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਸਮਰੱਥਾ ’ਚ ਵਾਧਾ ਹੋਵੇਗਾ ਤੇ ਨਾਗਰਿਕਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ਕਰਵਾਉਣ ਸਮੇਂ ਨਵੇਂ ਅਨੁਭਵ ਦਾ ਅਹਿਸਾਸ ਹੋਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਵਟਸਐੱਪ ’ਤੇ ਫ਼ਰਦ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਤੇ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ 270 ਫਰਦਾਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਐਲਾਨ ਕੀਤਾ ਕਿ ਜਲੰਧਰ ’ਚ ਸ਼ੁਰੂ ਕੀਤੇ ਗਏ ਪਾਇਲਟ ਪ੍ਰਾਜੈਕਟ ਤਹਿਤ 900 ਬਿਨੈਕਾਰਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਆਨਲਾਈਨ ਹਾਸਿਲ ਕਰਨ ਦੇ ਸਮਰੱਥ ਬਣਾਇਆ ਗਿਆ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ ’ਤੇ ਜਾਣ ਦੀ ਲੋੜ ਬਹੁਤ ਘੱਟ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਕਪੂਰਥਲਾ ਜ਼ਿਲ੍ਹੇ ’ਚ 13 ਲੱਖ ਰੁਪਏ ਦੀ ਲਾਗਤ ਨਾਲ ਵਡਾਲਾ ਖੁਰਦ ਵਿੱਚ ਸੋਡੀਅਮ ਹਾਈਪੋਕਲੋਰਾਇਟ ਦੇ ਸਟੋਰੇਜ ਯੂਨਿਟ ਦਾ ਕੰਮ ਮੁਕੰਮਲ ਹੋ ਗਿਆ ਹੈ ਜਿਸ ਦਾ ਜਲਦੀ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਧਾਲੀਵਾਲ ਦੋਨਾਂ ਵਿਖੇ ਜ਼ਿਲ੍ਹਾ ਪੱਧਰੀ ਵਾਟਰ ਟੈਸਟਿੰਗ ਲੈਬ ਦਾ 28.94 ਲੱਖ ਦੀ ਲਾਗਤ ਨਾਲ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਿਸ ਨੂੰ ਜਲਦ ਲੋਕ ਅਰਪਿਤ ਕਰ ਦਿੱਤਾ ਜਾਵੇਗਾ, ਕਾਲਾ ਸੰਘਿਆ ਵਿੱਚ 13.65 ਲੱਖ ਨਾਲ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਵਿੱਚ ਨਵੇਂ ਪ੍ਰਸ਼ਾਸ਼ਕੀ ਕੰਪਲੈਕਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ 6 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਕਪੂਰਥਲਾ ਜ਼ਿਲ੍ਹੇ ’ਚ ਪਹੁੰਚਣ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਫਗਵਾੜਾ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਭੁਲੱਥ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀ ਮਾਨ, ਗੁਰਪਾਲ ਸਿੰਘ ਇੰਡੀਅਨ, ਕੰਵਰ ਇਕਬਾਲ ਸਿੰਘ, ਪਰਵਿੰਦਰ ਸਿੰਘ ਢੋਟ, ਐੱਸਐੱਸਪੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Advertisement

Advertisement