ਮੁੰਡੀਆਂ ਵੱਲੋਂ 6 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਮਈ
ਸਾਹਨੇਵਾਲ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਾਹਨੇਵਾਲ ਹਲਕੇ ਦੇ ਅਧੀਨ ਆਉਂਦੇ ਵੱਖ-ਵੱਖ ਵਾਰਡਾਂ ਵਿੱਚ 6 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਮੰਗਲਵਾਰ ਨੂੰ ਗਣਪਤੀ ਵਿਹਾਰ (ਵਾਰਡ ਨੰਬਰ 22) ਵਿੱਚ ਸੀਵਰ ਲਾਈਨਾਂ ਵਿਛਾਉਣ ਲਈ ਲਗਪਗ 98 ਲੱਖ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ, ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪਾਣੀ-ਸੀਵਰ ਲਾਈਨਾਂ, ਸੜਕੀ ਬੁਨਿਆਦੀ ਢਾਂਚੇ ਆਦਿ ਨੂੰ ਅਪਗ੍ਰੇਡ ਕਰਨ ਲਈ ਕਰੋੜਾਂ ਰੁਪਏ ਦੇ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਦਘਾਟਨ ਸਮਾਰੋਹ ਦੌਰਾਨ ਕੌਂਸਲਰ ਜਸਪਾਲ ਸਿੰਘ ਗਰੇਵਾਲ, ਐਸ.ਡੀ.ਓ. ਕਮਲ ਸਮੇਤ ਹੋਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸਾਹਨੇਵਾਲ ਹਲਕੇ ਦੇ ਅਧੀਨ ਆਉਣ ਵਾਲੇ ਵਾਰਡ ਨੰਬਰ 21, 22, 23, 24 ਅਤੇ 25 ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਜਾਂ ਨਵੀਆਂ ਪਾਣੀ-ਸੀਵਰ ਲਾਈਨਾਂ ਵਿਛਾਉਣ ਲਈ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਗਰਮੀਆਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜਿੱਥੇ ਵੀ ਲੋੜ ਹੋਵੇ, ਉੱਥੇ ਹੋਰ ਟਿਊਬਵੈੱਲ ਵੀ ਲਗਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਤਾਂ ਜੋ ਜਨਤਾ ਨੂੰ ਵੱਡੀ ਪੱਧਰ ’ਤੇ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਕੈਬਨਿਟ ਮੰਤਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਸਫਾਈ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਭਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਜਨਤਾ ਨੂੰ ਸ਼ਹਿਰ ਨੂੰ ਸਾਫ਼ ਅਤੇ ਹਰਿਆ-ਭਰਿਆ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।