ਮੁੱਕੇਬਾਜ਼ੀ: ਨਵਾਂਸਹਿਰ ਦੇ ਚੰਦਨਦੀਪ ਨੇ ਬਣਾਈ ਕੌਮੀ ਪਛਾਣ
ਸੁਰਜੀਤ ਮਜਾਰੀ
ਨਵਾਂ ਸ਼ਹਿਰ, 27 ਮਈ
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਹੋਏ ਕੌਮਾਂਤਰੀ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਸਥਾਨਕ ਵਸਨੀਕ ਚੰਦਨਦੀਪ ਸਿੰਘ ਦਾ ਨਵਾਂਸ਼ਹਿਰ ਪਰਤਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਉਨ੍ਹਾਂ ਨੂੰ ਮੁੱਕੇਬਾਜ਼ੀ ’ਚ ਹੋਰ ਬੁਲੰਦੀਆਂ ਛੋਹਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫ਼ਤਰ ਵਿਚ ਚੰਦਨਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਤਗਮਾ ਜਿੱਤ ਕੇ ਖਿਡਾਰੀ ਨੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਖਿਡਾਰੀ ਚੰਦਨਦੀਪ ਸਿੰਘ ਨੂੰ ਤਾਕੀਦ ਕੀਤੀ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਹੜੀ ਵੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਉਸ ਦਾ ਭਰਪੂਰ ਲਾਹਾ ਲੈਂਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਾਮਣਾ ਖੱਟਿਆ ਜਾਵੇ।
ਚੰਦਨਦੀਪ ਦਾ ਕਹਿਣ ਸੀ ਕਿ ਉਸ ਦੀ ਇਸ ਪ੍ਰਾਪਤੀ ਵਿੱਚ ਪਰਿਵਾਰ ਦਾ ਉਤਸ਼ਾਹ, ਕੋਚ ਦੀ ਅਗਵਾਈ ਅਤੇ ਸਹਿਯੋਗੀਆਂ ਦੇ ਸਾਥ ਨੇ ਵੀ ਬਰਾਬਰ ਦੀ ਭੂਮਿਕਾ ਨਿਭਾਈ ਹੈ। ਦੱਸਣਯੋਗ ਹੈ ਕਿ ਚੰਦਨਦੀਪ ਬੀਏ ਭਾਗ ਤੀਜਾ ਦਾ ਵਿਦਿਆਰਥੀ ਹੈ ਅਤੇ ਉਸਨੇ 70 ਕਿੱਲੋ ਭਾਰ ਵਰਗ ਵਿਚ ਹਿੱਸਾ ਲਿਆ ਅਤੇ ਚਾਂਦੀ ਦਾ ਤਮਗਾ ਹਾਸਲ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਚੰਦਨਦੀਪ ਸਿੰਘ (23) ਨੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦਾ ਹੌਸਲਾ ਅਫਜ਼ਾਈ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ‘ਖੇਡਾਂ ਵਤਨ ਪੰਜਾਬ ਦੀਆਂ’ ਉਪਰਾਲੇ ਨੇ ਉਨ੍ਹਾਂ ਦੀ ਖੇਡ ਭਾਵਨਾ ਨੂੰ ਬਹੁਤ ਮਜ਼ਬੂਤ ਕੀਤਾ ਹੈ। ਇਸ ਮੌਕੇ ਚੰਦਨਦੀਪ ਸਿੰਘ ਦੇ ਪਿਤਾ ਇੰਦਰਜੀਤ ਸਿੰਘ, ਕੋਚ ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ ।