ਮੁੱਖ ਮੰਤਰੀ ਦੀ ਘੁਰਕੀ: ਸਰਕਾਰ ਖ਼ਿਲਾਫ਼ ਲਾਮਬੰਦ ਹੋਣ ਲੱਗੇ ਕਿਸਾਨ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 8 ਮਈ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿੱਚ ਧਰਨੇ ਪ੍ਰਦਰਸ਼ਨ ਕਰਨ ਵਾਲਿਆਂ ਉਪਰ ਸਖ਼ਤੀ ਕਰਨ ਦੀ ਚਿਤਾਵਨੀ ਤੋਂ ਬਾਅਦ ਜਥੇਬੰਦੀਆਂ ਨੇ ਸੂਬਾ ਸਰਕਾਰ ਵਿਰੁੱਧ ਮੋਰਚੇ ਦੀ ਤਿਆਰੀ ਖਿੱਚ ਲਈ ਹੈ। ਮਹਿਲ ਕਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਦਾ (ਧਨੇਰ) ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿੱਚ ਹੋਈ, ਜਿਸ ਵਿੱਚ ਸਰਕਾਰ ਦੇ ਫ਼ੁਰਮਾਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸਾਥੀ ਜੁਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਅਤੇ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਕਿਸਾਨੀ ਧਰਨਿਆਂ ਸਬੰਧੀ ਦਿੱਤਾ ਬਿਆਨ ਲੋਕਾਂ ਦੇ ਜਮਹੂਰੀ ਹੱਕਾਂ ’ਤੇ ਡਾਕਾ ਹੈ। ਆਪਣੀਆਂ ਮੰਗਾਂ ਅਤੇ ਹੱਕਾਂ ਲਈ ਸੰਘਰਸ਼ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਮੁੱਖ ਮੰਤਰੀ ਵੱਲੋਂ ਧਮਕੀ ਦੇਣੀ ਪ੍ਰਗਟਾਵੇ ਦੀ ਆਜ਼ਾਦੀ ਦਾ ਵੀ ਉਲੰਘਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਦੀ ਬਜਾਏ ਕੇਂਦਰ ਦੀ ਭਾਸ਼ਾ ਬੋਲ ਰਹੇ ਹਨ, ਜਿਸ ਨੂੰ ਜਥੇਬੰਦੀਆਂ ਕਦੇ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਕਿਸਾਨੀ ਵਿਰੁੱਧ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਪਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਬੀਕੇਯੂ ਡਕੌਂਦਾ ਆਪਣੇ ਸੰਘਰਸ਼ਾਂ ਤੋਂ ਪਿੱਛੇ ਨਹੀਂ ਹਟੇਗੀ। ਆਗੂਆਂ ਨੇ ਕਿਹਾ ਕਿ ਸੂਬਾ ਪ੍ਰਘਾਨ ਮਨਜੀਤ ਸਿੰਘ ਧਨੇਰ ਦੇ ਨਿਰਦੇਸ਼ਾਂ ਤਹਿਤ ਪਿੰਡ ਪੱਧਰ ’ਤੇ ਫੰਡ ਮੁਹਿੰਮ ਅਤੇ ਨਵੀਆਂ ਇਕਾਈਆਂ ਬਨਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।