For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕਿਆ

08:36 AM Nov 29, 2023 IST
ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕਿਆ
ਮੁਹਾਲੀ ’ਚ ਧਰਨਾ ਖ਼ਤਮ ਕਰਨ ਤੋਂ ਬਾਅਦ ਸਾਮਾਨ ਸਮੇਟਦੇ ਹੋਏ ਕਿਸਾਨ। -ਫੋਟੋ: ਸੋਢੀ
Advertisement

ਦਵਿੰਦਰ ਪਾਲ/ਦਰਸ਼ਨ ਸਿੰਘ ਸੋਢੀ
ਚੰਡੀਗੜ੍ਹ/ਐੱਸ.ਏ.ਐੱਸ. ਨਗਰ (ਮੁਹਾਲੀ), 28 ਨਵੰਬਰ
ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇਣ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਮਗਰੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ’ਤੇ ਤਿੰਨ ਰੋਜ਼ਾ ਮੋਰਚੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ। ਰਾਜਪਾਲ ਅਤੇ ਕਿਸਾਨਾਂ ਦਰਮਿਆਨ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਤੇ ਰਾਜਪਾਲ ਨੇ ਮੋਰਚੇ ਦੀਆਂ ਮੰਗਾਂ ਕੇਂਦਰ ਤੇ ਰਾਜ ਸਰਕਾਰਾਂ ਤੱਕ ਪਹੁੰਚਾਉਣ ਅਤੇ ਰਾਸ਼ਟਰਪਤੀ ਨੂੰ ਭੇਜਣ ਦਾ ਭਰੋਸਾ ਦਿੱਤਾ। ਰਾਜਪਾਲ ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਪੁਲੀਸ ਦੇ ਮੁਖੀ ਪਰਵੀਰ ਰੰਜਨ ਨੂੰ ਮੌਕੇ ’ਤੇ ਹੀ ਕਿਸਾਨ ਅੰਦੋਲਨ ਨਾਲ ਸਬੰਧਤ ਚੰਡੀਗੜ੍ਹ ਵਿਚਲੇ ਕੇਸਾਂ ਦਾ ਨਿਪਟਾਰਾ ਫੌਰੀ ਕਰਨ ਲਈ ਕਿਹਾ। ਕਿਸਾਨ ਮੋਰਚੇ ਦੇ ਆਗੂਆਂ ਨੇ ਰਾਜਪਾਲ ਨਾਲ ਮੀਟਿੰਗ ਮਗਰੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਤੋਂ ਮੁਹਾਲੀ ਵਿੱਚ ਮੋਰਚਾ ਲਾਇਆ ਹੋਇਆ ਸੀ। ਮੋਰਚੇ ਦੀ ਸਮਾਪਤੀ ਦੇ ਐਲਾਨ ਨਾਲ ਚੰਡੀਗੜ੍ਹ ਅਤੇ ਪੰਜਾਬ ਦੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ।

Advertisement

ਮੁਹਾਲੀ ਵਿੱਚ ਧਰਨਾ ਚੁੱਕਣ ਮਗਰੋਂ ਸਾਮਾਨ ਸਮੇਟਦੇ ਹੋਏ ਕਿਸਾਨ। -ਫੋਟੋ: ਰਵੀ ਕੁਮਾਰ

ਖੁਫ਼ੀਆ ਏਜੰਸੀਆਂ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਲਾਇਆ ਮੋਰਚਾ ਨਵੀਂ ਦਿੱਲੀ ਦੇ ਸੰਘਰਸ਼ ਦੀ ਤਰਜ਼ ’ਤੇ ਲੰਮਾ ਖਿੱਚੇ ਜਾਣ ਦਾ ਖਦਸ਼ਾ ਸੀ। ਹਾਲਾਂਕਿ, ਇਹ ਧਰਨਾ ਅੱਜ ਜੈਕਾਰਿਆਂ ਅਤੇ ਨਾਅਰਿਆਂ ਦੀ ਗੂੰਜ ਨਾਲ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਮੋਰਚੇ ਦੇ ਤੀਜੇ ਦਿਨ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਕਿਸਾਨ ਆਗੂਆਂ ਤੋਂ ਇਲਾਵਾ ਸਮਰਥਨ ’ਚ ਮੁਲਾਜ਼ਮ ਤੇ ਟਰੇਡ ਯੂਨੀਅਨਾਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ ਦੇਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਤੈਅ ਕਰਨ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਰੱਦ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰ ਕੇ ਸਜ਼ਾ ਦੇਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਸਾਰੇ ਕੇਸ ਰੱਦ ਕਰਨ, ਬਿਜਲੀ ਸੋਧ ਬਿੱਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰਨ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ, ‘ਨਿਊਜ਼ਕਲਿੱਕ’ ਖ਼ਿਲਾਫ਼ ਦਰਜ ਕੇਸ ਰੱਦ ਕਰਨ, ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰਨ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਨੀਤੀਆਂ ਰੱਦ ਕਰਨ, ਪਬਲਿਕ ਸੈਕਟਰ ਬਹਾਲ ਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ’ਚ ਹਰਿੰਦਰ ਸਿੰਘ ਲੱਖੋਵਾਲ, ਸੁਖਦੇਵ ਸਿੰਘ ਕੋਕਰੀ, ਡਾ. ਦਰਸ਼ਨਪਾਲ, ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਸਤਨਾਮ ਸਿੰਘ ਸਾਹਨੀ, ਜਗਮੋਹਣ ਸਿੰਘ, ਸਤਨਾਮ ਸਿੰਘ ਬਹਿਰੂ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਲਵਿੰਦਰ ਸਿੰਘ ਮੱਲੀਨੰਗਲ, ਰਵਨੀਤ ਸਿੰਘ ਬਰਾੜ, ਬਿੰਦਰ ਸਿੰਘ ਗੋਲੇਵਾਲ, ਬੂਟਾ ਸਿੰਘ ਸ਼ਾਦੀਪੁਰ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਸੁਖ ਗਿੱਲ ਮੋਗਾ, ਜੰਗਵੀਰ ਸਿੰਘ ਚੌਹਾਨ, ਬਲਜੀਤ ਸਿੰਘ ਗਰੇਵਾਲ, ਨਛੱਤਰ ਸਿੰਘ ਸ਼ਾਮਲ ਸਨ।

Advertisement

ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 19 ਨੂੰ

ਚੰਡੀਗੜ੍ਹ (ਟਨਸ): ਪੰਜਾਬ ਨਾਲ ਸਬੰਧਤ ਕਿਸਾਨੀ ਮੰਗਾਂ ਵਿਚਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ 19 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਰਾਜਪਾਲ ਨਾਲ ਮੁਲਾਕਾਤ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਪੰਜਾਬ ਭਵਨ ਵਿਖੇ ਮਿਲਣ ਦਾ ਸੱਦਾ ਦਿੱਤਾ। ਸ੍ਰੀ ਖੁੱਡੀਆਂ ਨਾਲ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਕਿਸਾਨ ਲਹਿਰ ਖਿਲਾਫ਼ ਦਿੱਤੇ ਜਾ ਰਹੇ ਬਿਆਨਾਂ ਨੂੰ ਗ਼ੈਰ-ਜ਼ਿੰਮੇਵਾਰ ਕਰਾਰ ਦਿੰਦਿਆਂ ਇਤਰਾਜ਼ ਜਤਾਇਆ ਅਤੇ ਕਿਸਾਨਾਂ ਦੀਆਂ ਮੰਗਾਂ ਪੇਸ਼ ਕੀਤੀਆਂ। ਖੇਤੀ ਮੰਤਰੀ ਨੇ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਰੀਆਂ ਮੰਗਾਂ ਦੇ ਹੱਲ ਲਈ ਮੀਟਿੰਗ ਹੋਣ ਦੀ ਜਾਣਕਾਰੀ ਦਿੰਦਿਆਂ ਉਸ ਤੋਂ ਪਹਿਲਾਂ ਫੌਰੀ ਮੰਗਾਂ ਦੇ ਹੱਲ ਲਈ ਮੋਰਚੇ ਨਾਲ ਲਗਾਤਾਰ ਮੀਟਿੰਗਾਂ ਕਰਨ ਦੀ ਹਾਮੀ ਭਰੀ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ 4 ਦਸੰਬਰ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਦੇਵੇਗਾ ਤਾਂ ਜੋ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ’ਤੇ ਚਰਚਾ ਕੀਤੀ ਜਾ ਸਕੇ। ਮੋਰਚੇ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਰੱਦ ਕੀਤਾ ਜਾਵੇ, ਝੋਨੇ ਤੋਂ ਖਹਿੜਾ ਛੁਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਸਮੇਤ ਵਿਆਜ਼ ਜਾਰੀ ਕੀਤਾ ਜਾਵੇ।

Advertisement
Author Image

joginder kumar

View all posts

Advertisement