ਮੁੱਖ ਮੰਤਰੀ ਨੇ ਗੁਰਦੁਆਰਾ ਦੂਖ ਨਿਵਾਰਨ ਵਿਖੇ ਮੱਥਾ ਟੇਕਿਆ
ਪਟਿਆਲਾ, 13 ਅਪਰੈਲ
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਹ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰੇ ਦੇ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ਼, ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਅਤੇ ਮੀਤ ਮੈਨੇਜਰ ਭਾਗ ਸਿੰਘ ਚੌਹਾਨ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕਾਂ ਨਾਲ ਵੱਖਰੇ ਤੌਰ ’ਤੇ ਵੀ ਮੁਲਾਕਾਤ ਕੀਤੀ ਤੇ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ਼ ਵੱਲੋਂ ਗੁਰਦੁਆਰੇ ਨਾਲ ਸਬੰਧਤ ਕੁਝ ਜ਼ਰੂਰੀ ਕਾਰਜ ਦੱਸਣ ’ਤੇ ਮੁੱਖ ਮੰਤਰੀ ਨੇ ਤੁਰੰਤ ਹੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਮੀਟਿੰਗ ਵਾਲੇ ਕਮਰੇ ’ਚ ਬੁਲਾ ਕੇ ਲੋੜੀਂਦੇ ਕਾਰਜ ਕਰਵਾਉਣ ਦੀ ਤਾਕੀਦ ਵੀ ਕੀਤੀ। ਮੁੱਖ ਮੰਤਰੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਪੇਸ਼ ਕੀਤੇ ਗਏ ਬਜਟ ’ਚ ਗੁਰੂ ਤੇਗ ਬਹਾਦਰ ਦੀ ਯਾਦ ਨਾਲ ਸਬੰਧਤ ਗੁਰਧਾਮਾਂ ਦੇ ਕਾਰਜਾਂ ਲਈ 50 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਤੋਂ ਪਹਿਲਾਂ ਵਿਸਾਖੀ ਮੌਕੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ।