ਮੁੱਖ ਮੰਤਰੀ ਨੇ ਬੇਗਮਪੁਰਾ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਈ
ਪਾਲ ਸਿੰਘ ਨੌਲੀ
ਜਲੰਧਰ, 2 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਲਈ ਵਿਸ਼ੇਸ਼ ਰੇਲ ਗੱਡੀ ਬੇਗਮਪੁਰਾ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਡੇਰਾ ਸੱਚਖੰਡ ਬੱਲਾਂ ਵੱਲੋਂ ਹਰ ਸਾਲ ਪ੍ਰਕਾਸ਼ ਪੁਰਬ ਮਨਾਉਣ ਲਈ ਵਿਸ਼ੇਸ਼ ਰੇਲ ਗੱਡੀ ਰਾਹੀਂ ਸ਼ਰਧਾਲੂਆਂ ਨੂੰ ਲਿਜਾਇਆ ਜਾਂਦਾ ਹੈ। ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਬੇਗਮਪੁਰਾ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮੁੱਖ ਮੰਤਰੀ ਨੇ ਰੇਲ ਗੱਡੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਡੇਰਾ ਬੱਲਾਂ ਦੇ ਮੁਖੀ ਬਾਬਾ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋੜਵੰਦਾਂ ਦੀ ਭਲਾਈ ਨੂੰ ਯਕੀਨੀ ਬਣਾਵੇ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਵੱਡੀ ਬਹੁਮਤ ਨਾਲ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਵਜੋਂ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਨਾਲ ਮੁਲਾਕਾਤ
ਚੰਡੀਗੜ੍ਹ (ਟਨਸ): ਸਿੰਗਾਪੁਰ ਵਿੱਚ 6 ਤੋਂ 10 ਫਰਵਰੀ ਦੌਰਾਨ ਹੋਣ ਵਾਲੇ ‘ਪ੍ਰੋਫੈਸ਼ਨਲ ਟੀਚਰ ਟਰੇਨਿੰਗ ਸੈਮੀਨਾਰ’ ਵਿੱਚ ਹਿੱਸਾ ਲੈਣ ਲਈ ਸੂਬੇ ਵੱਲੋਂ ਭੇਜੇ ਜਾ ਰਹੇ 36 ਪ੍ਰਿੰਸੀਪਲਾਂ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕੀਤੀ। ਇਨ੍ਹਾਂ ਪ੍ਰਿੰਸੀਪਲਾਂ ਦਾ ਪਹਿਲੇ ਬੈਚ 4 ਫਰਵਰੀ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ ਜਾਵੇਗਾ, ਜੋ 11 ਫਰਵਰੀ ਨੂੰ ਵਤਨ ਪਰਤੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿੱਚ ਸਿੱਖਿਆ ਖੇਤਰ ਦੀ ਮੁਕੰਮਲ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਅਧਿਆਪਕਾਂ ਨੂੰ ਵਿਦੇਸ਼ਾਂ ‘ਚ ਉੱਚ ਪੱਧਰ ਦੀ ਸਿਖਲਾਈ ਦਿਵਾ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ।