ਮੂਸੇਵਾਲਾ ਪਰਿਵਾਰ ਦੀਆਂ ਕਾਂਗਰਸ ਨਾਲ ਸਰਗਰਮੀਆਂ ਵਧੀਆਂ
ਜੋਗਿੰਦਰ ਸਿੰਘ ਮਾਨ
ਮਾਨਸਾ, 23 ਮਾਰਚ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕਾਂਗਰਸ ਪਾਰਟੀ ਲਈ ਅਚਾਨਕ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੀ ਹਵੇਲੀ ਪਿੰਡ ਮੂਸਾ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਿਸਾਨ ਕਾਂਗਰਸ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਪਰਿਵਾਰ ਨਾਲ ਮਿਲਣੀ ਕਰਕੇ ਉਨ੍ਹਾਂ ਨੂੰ ਪਾਰਟੀ ਲਈ ਤਕੜਾ ਹੋ ਕੇ ਚੱਲਣ ਦੀ ਥਾਪੀ ਦਿੱਤੀ ਗਈ। ਇਸ ਤੋਂ ਪਹਿਲਾਂ 16 ਮਾਰਚ ਨੂੰ ਹਵੇਲੀ ਵਿੱਚ ਛੋਟੇ ਮੂਸੇਵਾਲਾ ਦੇ ਜਨਮ ਦਿਨ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਰਿਵਾਰ ਨਾਲ ਲੰਬਾ ਸਮਾਂ ਬਿਤਾ ਕੇ ਉਨ੍ਹਾਂ ਨੂੰ ਤਕੜੇ ਹੋਣ ਦੀ ਹੱਲਾਸ਼ੇਰੀ ਦਿੱਤੀ ਗਈ। ਰਾਜਸੀ ਆਗੂਆਂ ਦੀਆਂ ਅਜਿਹੀਆਂ ਫੇਰੀਆਂ ਨੂੰ ਸਿਆਸੀ ਹਲਕਿਆਂ ਵਿੱਚ ਬੜੀ ਅਹਿਮੀਅਤ ਨਾਲ ਵੇਖਿਆ ਜਾਣ ਲੱਗਿਆ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਰਾਜਸੀ ਤੌਰ ’ਤੇ ਕਾਂਗਰਸ ਪਾਰਟੀ ਲਈ ਭਾਵੇਂ ਸ਼ੁਰੂ ਤੋਂ ਸਰਗਰਮ ਚੱਲ ਰਹੇ ਹਨ ਅਤੇ ਪਾਰਟੀ ਲਈ ਪੰਜਾਬ ਤੋਂ ਬਾਹਰ ਹਰਿਆਣਾ ਅਤੇ ਦਿੱਲੀ ਦੇ ਪੰਜਾਬੀ ਬੋਲਦੇ ਇਲਾਕਿਆਂ ਵਿੱਚ ਪ੍ਰਚਾਰ ਕਰਕੇ ਆਏ ਹਨ, ਪਰ ਹੁਣ ਉਨ੍ਹਾਂ ਨੇ ਇਲਾਕੇ ਵਿੱਚ ਰਾਜਨੀਤਕ ਸਰਗਰਮੀਆਂ ਨੂੰ ਤੇਜ਼ ਕਰਨ ਦਾ ਅਹਿਮ ਨਿਰਣਾ ਲਿਆ ਹੈ। ਇਸ ਮੌਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਕਾਂਗਰਸ ਦੀ ਚੜ੍ਹਾਈ ਹੋਣ ਲੱਗੀ ਹੈ, ਜਿਸ ਕਰਕੇ ਕਾਂਗਰਸੀ ਨੇਤਾਵਾਂ ਦੇ ਘਰ ਚਹਿਲ-ਪਹਿਲ ਪਹਿਲਾਂ ਦੇ ਮੁਕਾਬਲੇ ਬੇਹੱਦ ਵਧਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਵਿੱਚ ਲਿਪਤ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਸਣੇ ਹੋਰ ‘ਆਪ’ ਨੇਤਾਵਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸੰਭੂ ਤੇ ਖਨੌਰੀ ਬਾਰਡਰਾਂ ’ਤੇ ਪੰਜਾਬ ਦੇ ਕਿਸਾਨਾਂ ਨੂੰ ਮੀਟਿੰਗ ਵਿੱਚ ਬੁਲਾ ਕੇ, ਜੋ ਕੁੱਟਮਾਰ ਕੀਤੀ, ਅਜਿਹਾ ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਵਾਪਰਿਆ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਚਮਕੌਰ ਸਿੰਘ ਸਿੱਧੂ, ਇਕਬਾਲ ਸਿੰਘ ਸਿੱਧੂ,ਜਗਦੀਪ ਸਿੰਘ ਢਿੱਲੋਂ, ਬਲਜੀਤ ਸ਼ਰਮਾ, ਮਨਜੀਤ ਰਾਣਾ ਮੌਜੂਦ ਸਨ।