ਮੇਅਰ ਨੇ ਸੜਕਾਂ ਦੀ ਮੁਰੰਮਤ ਕਰਵਾਈ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਮਈ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਮਹਿਲਾ ਕੌਂਸਲਰ ਰੁਪਿੰਦਰ ਕੌਰ ਰੀਨਾ ਅਤੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ ਦੀ ਮੌਜੂਦਗੀ ਵਿੱਚ ਇੱਥੋਂ ਦੇ ਫੇਜ਼-4 (ਵਾਰਡ ਨੰਬਰ-4 ਅਤੇ ਵਾਰਡ ਨੰਬਰ-5) ਵਿੱਚ ਅੰਦਰੂਨੀ ਅਤੇ ‘ਬੀ’ ਸੜਕਾਂ ਦੀ ਮੁਰੰਮਤ ਅਤੇ ਨਵੇਂ ਸਿਰਿਓਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਮੇਅਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਜੀਤੀ ਸਿੱਧੂ ਨੇ ਕਿਹਾ ਕਿ ਇਨ੍ਹਾਂ ਦੋਵੇਂ ਵਾਰਡਾਂ ਦੀਆਂ ਸੜਕਾਂ ਨੂੰ ਪੁੱਟ ਕੇ ਨਵੇਂ ਸਿਰਿਓਂ ਰੀ-ਕਾਰਪੈਟਿੰਗ ਕਰਵਾਈ ਜਾਵੇਗੀ। ਇਸ ਪ੍ਰਾਜੈਕਟ ’ਤੇ 1.58 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੀ-ਕਾਰਪਰੇਟਿੰਗ ਤੋਂ ਬਾਅਦ ਇਨ੍ਹਾਂ ਸੜਕਾਂ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕਰਨ ਅਤੇ ਜਿੱਥੇ ਕਿਤੇ ਕੋਈ ਕਮੀ ਪੇਸ਼ੀ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਆਲਿਟੀ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੜਕਾਂ ਦੀ ਮੁਰੰਮਤ, ਪਾਰਕਾਂ ਦੀ ਦੇਖਰੇਖ, ਸਫ਼ਾਈ ਵਿਵਸਥਾ ਅਤੇ ਹੋਰ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੀਪ ਸਿੰਘ, ਪਰਮਜੀਤ ਸਿੰਘ ਚੌਹਾਨ, ਨਵੀਂ ਸੰਧੂ ਅਤੇ ਹੋਰ ਪਤਵੰਤੇ ਹਾਜ਼ਰ ਸਨ।