ਮੈਕਸ ਸਕੂਲ ਵਿੱਚ ਸਮਾਗਮ
ਪੱਤਰ ਪ੍ਰੇਰਕ
ਸਮਰਾਲਾ, 9 ਅਪਰੈਲ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ ਗਿਆ, ਜਿਸ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਚੰਗੀ ਸਿਹਤ ਸਬੰਧੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਨਰਸਰੀ ਤੋਂ ਦੂਸਰੀ ਤੱਕ ਤੇ ਵਿਦਿਆਰਥੀ ਨੂੰ ਸਿਹਤਮੰਦ ਰਹਿਣ ਲਈ ਭੋਜਨ ਦੀ ਮਹੱਤਤਾ ਬਾਰੇ ਸਮਝਾਉਣ ਦਾ ਉਪਰਾਲਾ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀ ਤਰ੍ਹਾਂ-ਤਰ੍ਹਾਂ ਦੇ ਸੰਤੁਲਿਤ ਆਹਾਰ ਆਪਣੇ ਦੁਪਹਿਰ ਦੇ ਖਾਣੇ ਵਿਚ ਲਿਆਏ। ਤੀਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਸਿਹਤਮੰਦ ਜੀਵਨ ਲਈ ਪੋਸ਼ਣ ਸਬੰਧੀ ਚਾਰਟ ਤਿਆਰ ਕੀਤੇ ਗਏ। ਜਿਸ ਵਿੱਚ ਵੱਖ-ਵੱਖ ਪੋਸ਼ਕ ਤੱਤਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰਨ ਦਾ ਸੰਦੇਸ਼ ਦਿੱਤਾ ਗਿਆ।
ਇਨ੍ਹਾਂ ਗਤੀਵਿਧੀਆਂ ਅਧੀਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕਰਕੇ ਸਿਹਤਮੰਦ ਜੀਵਨ ਵਿੱਚ ਯੋਗ ਆਸਣਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸੇ ਤਰ੍ਹਾਂ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ’ ਪੋਸ਼ਣ ਲੈਬਲ ਕਿਵੇਂ ਪੜਨਾ ਹੈ’ ਵਿਸ਼ੇ ਉੱਪਰ ਰਚਨਾਤਮਕ ਲਿਖਤ ਦੀ ਗਤੀਵਿਧੀ ਕਰਕੇ ਸਿਹਤਮੰਦ ਭੋਜਨ ਦੀ ਮਹੱਤਤਾ ਸੰਬੰਧੀ ਆਪਣੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਸਾਰੇ ਸਮਾਜ ਨੂੰ ਵਿਸ਼ਵ ਸਿਹਤ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਜਰੂਰ ਹੋਣਾ ਚਾਹੀਦਾ ਹੈ, ਕਿਉਂਕਿ ਜੇਕਰ ਅਸੀਂ ਆਪਣੇ ਆਪ ਨੂੰ ਸਿਹਤਮੰਦ ਰੱਖਾਂਗੇ ਤਾਂ ਹੀ ਅਸੀਂ ਇੱਕ ਨਰੋਏ, ਨਿਰੋਗ ਤੇ ਤੰਦਰੁਸਤ ਦੇਸ਼ ਦਾ ਨਿਰਮਾਣ ਕਰਨ ਵਿੱਚ ਆਪਣਾ ਲੋੜੀਂਦਾ ਯੋਗਦਾਨ ਪਾ ਸਕਾਂਗੇ।