ਮੈਟਰੋ ਪ੍ਰਾਜੈਕਟ: ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਮੀਟਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਟ੍ਰਾਈਸਿਟੀ ਵਿੱਚ ਆਵਾਜਾਈ ਸਮੱਸਿਆ ਦੇ ਹੱਲ ਲਈ ਮੈਟਰੋ ਪ੍ਰਾਜੈਕਟ ਨੂੰ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਗਿਆ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਵੰਬਰ 2024 ਵਿੱਚ ਮੈਟਰੋ ਪ੍ਰਾਜੈਕਟ ਬਾਰੇ ਵਿਚਾਰ-ਚਰਚਾ ਲਈ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾਈ ਸੀ। ਇਸ ਨੂੰ ਮੈਟਰੋ ਪ੍ਰਾਜੈਕਟ ਬਾਰੇ ਮੁੜ ਤੋਂ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਬਣਾਈ ਸਾਂਝੀ ਕਮੇਟੀ ਨੇ ਅੱਜ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਬਾਰੇ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਨੇ ਮੈਟਰੋ ਪ੍ਰਾਜੈਕਟ ਬਾਰੇ ਵਿਸਥਾਰਿਤ ਰਿਪੋਰਟ ਤਿਆਰ ਕਰਨ ਵਾਲੀ ਕੰਪਨੀ ਰਾਈਟਸ ਦੀ ਰਿਪੋਰਟ ’ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਜਲਦ ਹੀ ਦੁਬਾਰਾ ਮੀਟਿੰਗ ਕਰ ਕੇ ਮੈਟਰੋ ਪ੍ਰਾਜੈਕਟ ਬਾਰੇ ਮੁੜ ਤੋਂ ਕੋਈ ਫ਼ੈਸਲਾ ਲਿਆ ਜਾਵੇਗਾ। ਹਾਲਾਂਕਿ ਇਸ ਕਮੇਟੀ ਵੱਲੋਂ ਪਹਿਲਾਂ ਜਨਵਰੀ ਤੇ ਫਰਵਰੀ 2025 ਵਿੱਚ ਦੋ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।
ਸਾਲ 2012 ਵਿੱਚ ਸ਼ੁਰੂ ਹੋਈ ਸੀ ਮੈਟਰੋ ਪ੍ਰਾਜੈਕਟ ’ਤੇ ਚਰਚਾ
ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਸਾਲ 2012 ਵਿੱਚ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਸੀ। ਉਸ ਤੋਂ ਬਾਅਦ ਸਾਲ 2017 ਵਿੱਚ ਮੈਟਰੋ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਗਿਆ ਸੀ। ਸਾਲ 2022 ਵਿੱਚ ਮੈਟਰੋ ਪ੍ਰਾਜੈਕਟ ’ਤੇ ਮੁੜ ਤੋਂ ਚਰਚਾ ਸ਼ੁਰੂ ਹੋਈ ਅਤੇ ਮੈਟਰੋ ਲਿਆਉਣ ਦਾ ਫ਼ੈਸਲਾ ਕੀਤਾ ਗਿਆ।