ਮੋਗਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ
ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਜਨਵਰੀ
ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਥੇ ਪੁਲੀਸ ਨੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ ਕੀਤੀ। ਇਸ ਰੈਲੀ ਵਿੱਚ ਐੱਸਐੱਸਪੀ ਤੇ ਹੋਰ ਸੀਨੀਅਰ ਸਿਵਲ ਤੇ ਪੁਲੀਸ ਅਫ਼ਸਰਾਂ, ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ। ਐੱਸਐੱਸਪੀ ਅਜੈ ਗਾਂਧੀ ਨੇ ਕਿਹਾ ਕਿ ਇਸ ਰੈਲੀ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ ਕੀਤੀ ਗਈ। ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਅਜਿਹੇ ਉਪਰਾਲੇ ਪੁਲੀਸ ਤੇ ਸਮਾਜ ਸੇਵੀਆਂ ਵੱਲੋਂ ਹੀ ਨਹੀਂ ਬਲਕਿ ਪੰਜਾਬੀ ਸੰਗੀਤ ਜਗਤ ਵੱਲੋਂ ਵੀ ਅਜਿਹੇ ਗਾਣੇ ਕੱਢੇ ਜਾਣੇ ਚਾਹੀਦੇ ਹਨ। ਇਸ ਮੌਕੇ ਐੱਸਪੀ ਸੰਦੀਪ ਵਡੇਰਾ, ਡੀਐੱਸਪੀ ਜੋਰਾ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਐੱਸਐੱਸਪੀ ਅਜੇ ਗਾਧੀ ਨੇ ਦੱਸਿਆ ਕਿ ਭਲਕੇ ਸਪੋਰਟਸ ਮੀਟ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਜ਼ਿਲ੍ਹਾ ਪੁਲੀਸ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ।